ਗੁਰਦੁਆਰਾ ਸਿੰਘ ਸ਼ਹੀਦਾਂ ’ਚ ਗੁਰਗੱਦੀ ਦਿਵਸ ਮਨਾਇਆ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ ਅਤੇ ਸਰੋਵਰ ’ਚ ਇਸ਼ਨਾਨ ਕੀਤਾ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕੀਤਾ ਗਿਆ। ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਨੂੰ ਗੁਰਗੱਦੀ ਦੇਣ ਦਾ ਪੂਰਾ ਪ੍ਰਸੰਗ ਸੁਣਾਇਆ। ਬੀਬੀ ਉੱਤਮਜੀਤ ਕੌਰ ਨੇ ਕੀਰਤਨ, ਭਾਈ ਮਨਦੀਪ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਕਥਾ ਕੀਤੀ। ਹੋਰ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 5 ਨਵੰਬਰ ਤੱਕ ਜਾਰੀ ਰਹਿਣਗੀਆਂ।
ਵਿਸ਼ਵਕਰਮਾ ਤੇ ਗੁਰਗੱਦੀ ਦਿਵਸ ਸਬੰਧੀ ਸਮਾਗਮ
ਫ਼ਤਹਿਗੜ੍ਹ ਸਾਹਿਬ: ਵਿਸ਼ਵਕਰਮਾ ਪੂਜਾ ਤੇ ਗੁਰੂ ਗ੍ਰੰਥ ਸਾਹਿਬ ਦੇ ਗੁਰਗੱਦੀ ਦਿਵਸ ਦੇ ਵੱਖ-ਵੱਖ ਸਮਾਗਮਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਸ਼ਿਰਕਤ ਕੀਤੀ। ਸਾਨੀਪੁਰ ਦੇ ਵਿਸ਼ਵਕਰਮਾ ਭਵਨ ’ਚ ਭੁੱਟਾ ਨੇ ਕਿਹਾ ਕਿ ਸਾਨੂੰ ਗੁਰੂ ਗ੍ਰੰਥ ਸਾਹਿਬ ਦੇ ਉਪਦੇਸ਼ ਅਨੁਸਾਰ ‘ਕਿਰਤ ਕਰੋ ਨਾਮ ਜਪੋ ਵੰਡ ਛਕੋ’ ਉਪਰ ਸਾਨੂੰ ਅਮਲ ਕਰਨਾ ਅਤੇ ਵਿਸ਼ਵਕਰਮਾ ਦੇ ਉਪਦੇਸ਼ ਅਨੁਸਾਰ ਸਮਾਜ ਵਿਚ ਵਿਚਰਨਾ ਚਾਹੀਦਾ ਹੈ। ਇਸ ਮੌਕੇ ਰਾਗੀ ਜਥਿਆਂ ਨੇ ਕੀਰਤਨ ਕੀਤਾ। -ਨਿੱਜੀ ਪੱਤਰ ਪ੍ਰੇਰਕ
ਭਗਵਾਨ ਵਿਸ਼ਵਕਰਮਾ ਸਾਡੇ ਲਈ ਪ੍ਰੇਰਨਾ ਸਰੋਤ: ਰਾਏ
ਫਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਅਧੀਨ ਆਉਂਦੀ ਇੰਡਸਟਰੀ ਮੂਲ ਲਾਈਟ ਵਿੱਚ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਗਿਆ, ਜਿਥੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਸ਼ਿਲਪਕਾਰ, ਦੇਸ਼ ਦੇ ਹੁਨਰਮੰਦ, ਕਾਰੀਗਰਾਂ, ਦਸਤਕਾਰਾਂ ਅਤੇ ਕਿਰਤੀਆਂ ਦੇ ਲਈ ਪ੍ਰੇਰਨਾ ਸਰੋਤ ਹਨ ਜਿਸ ਕਾਰਨ ਸਾਰਾ ਜਗਤ ਇਨ੍ਹਾਂ ਦੀ ਪੂਜਾ ਕਰਦਾ ਹੈ। ਉਨ੍ਹਾਂ ਵਧਾਈ ਦਿੰਦਿਆਂ ਆਸ ਕੀਤੀ ਕਿ ਪੰਜਾਬ ਹਮੇਸ਼ਾ ਇਸੇ ਤਰ੍ਹਾਂ ਤਰੱਕੀਆਂ ਅਤੇ ਬੁਲੰਦੀਆਂ ‘ਤੇ ਜਾਵੇਗਾ। ਇਸ ਮੌਕੇ ਇੰਡਸਟਰੀ ਦੇ ਐਮਡੀ ਯੋਗੇਸ਼ ਬਿੰਬਰਾ, ਸਰਪੰਚ ਰਜਿੰਦਰ ਸਿੰਘ ਖਰੌੜੀ, ਆਪ ਦੇ ਬਲਾਕ ਪ੍ਰਧਾਨ ਪਵੇਲ ਹਾਂਡਾ ਅਤੇ ਮੋਹਿਤ ਸੂਦ ਆਦਿ ਹਾਜ਼ਰ ਸਨ।
ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ’ਚ ਸਮਾਗਮ
ਫਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਗੁਰੂ ਗ੍ਰੰਥ ਸਾਹਿਬ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਜੂਕੇਸ਼ਨਲ ਸੋਸ਼ਲ ਵੈਲਫ਼ੈਅਰ ਸੁਸਾਇਟੀ ਅਤੇ ਸਿਖਿਆ ਵਿਭਾਗ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀ ਅਤੇ ਸਟਾਫ਼ ਨੇ ਪਾਠ ਅਤੇ ਅਰਦਾਸ ਵਿੱਚ ਹਿੱਸਾ ਲਿਆ। ਵਾਈਸ ਚਾਂਸਲਰ ਪ੍ਰੋ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿਚ ਪ੍ਰਕਾਸ਼ਮਾਨ ਅਬਿਨਾਸੀ ਗਿਆਨ ਮਨੁੱਖਤਾ ਨੂੰ ਦਇਆ, ਧਰਮ ਅਤੇ ਏਕਤਾ ਦੇ ਰਸਤੇ ’ਤੇ ਲਿਜਾਦਾ ਹੈ। ਡੀਨ ਅਕਾਦਮਿਕ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਇਸ ਦਿਹਾੜੇ ’ਤੇ ਵਧਾਈ ਦਿੰਦਿਆ ਵਿਭਾਗ ਦੇ ਯਤਨਾਂ ਦੀ ਸਲਾਘਾ ਕੀਤੀ।
