ਮੁਹਾਲੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਸਮਾਗਮ ਵਿੱਚ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਵੱਲੋਂ ਦੇਸ਼ ਕੌਮ ਤੇ ਧਰਮ ਬਚਾਉਣ ਖ਼ਾਤਰ ਇਸ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਪ੍ਰਾਪਤ ਕੀਤੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਨੇ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਸਬਾਬਾ ਹਰਜਿੰਦਰ ਸਿੰਘ ਜਲੰਧਰ ਵਾਲੇ, ਭਾਈ ਅਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ (ਯੂਐੱਸਏ), ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਤੇਜਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। -ਪੱਤਰ ਪ੍ਰੇਰਕ