Guru Granth Sahib Act: ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ ਬਾਰੇ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ
ਅਗਲੇ ਹਫ਼ਤੇ ਮੁੜ ਬੈਠਕ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਕਮੇਟੀ ਨਾਲ ਸਾਂਝੀ ਮੀਟਿੰਗ ਹੋਵੇਗੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅੱਜ ਪੰਜਾਬ ਭਵਨ ਵਿੱਚ ਮੀਟਿੰਗ ਹੋਈ। ਇਹ ਕਮੇਟੀ ਪੰਜਾਬ ਸਰਕਾਰ ਨੇ 16 ਸਤੰਬਰ ਨੂੰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਹੁਕਮ ਰਾਹੀਂ ਬਣਾਈ ਸੀ। ਕਮੇਟੀ ਦਾ ਮੁੱਖ ਮੰਤਵ ਇਸ ਕਾਨੂੰਨ ਨਾਲ ਸਬੰਧਤ ਮਾਮਲਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨਾਲ ਤਾਲਮੇਲ ਕਰਨਾ ਹੈ।
ਮੀਟਿੰਗ ਤੋਂ ਬਾਅਦ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਕਮੇਟੀ ਦੀ ਅਗਲੇ ਹਫ਼ਤੇ ਮੁੜ ਬੈਠਕ ਹੋਵੇਗੀ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਕਮੇਟੀ ਨਾਲ ਸਾਂਝੀ ਮੀਟਿੰਗ ਕੀਤੀ ਜਾਵੇਗੀ।
ਸੱਤ ਮੈਂਬਰੀ ਕਮੇਟੀ ਵਿੱਚ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜੱਜ ਜਸਟਿਸ ਜਸਪਾਲ ਸਿੰਘ ਅਤੇ ਜਸਟਿਸ ਗੁਰਬੀਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਆਈਪੀਐੱਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤਇੰਦਰ ਪਾਲ ਸਿੰਘ ਵੀ ਕਮੇਟੀ ਦੇ ਮੈਂਬਰ ਹਨ।
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ 13 ਅਪ੍ਰੈਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੇਸ਼ ਕਰਕੇ ਪਾਸ ਕੀਤਾ ਗਿਆ ਸੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 17 ਅਪਰੈਲ ਨੂੰ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਸੂਬਾ ਸਰਕਾਰ ਨੇ 20 ਅਪਰੈਲ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।
ਕਾਨੂੰਨ ਲਾਗੂ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਦੀਆਂ ਕੁਝ ਧਾਰਾਵਾਂ ’ਤੇ ਇਤਰਾਜ਼ ਉਠਾਏ ਗਏ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 5 ਜੁਲਾਈ ਨੂੰ ਇਤਰਾਜ਼ ਅਤੇ ਸਿਫ਼ਾਰਸ਼ਾਂ ਪੰਜਾਬ ਸਰਕਾਰ ਨੂੰ ਸੌਂਪੀਆਂ ਸਨ।

