ਗੁਰੂ ਤੇਗ਼ ਬਹਾਦਰ ਦੀ ਸ਼ਹਾਦਤ ਬੇਮਿਸਾਲ: ਰਾਜਪਾਲ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਪੁੱਜੀ ‘ਧਰਮ ਰੱਖਿਅਕ ਯਾਤਰਾ’ ਦੇ ਸਵਾਗਤ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕਿਹਾ ਕਿ ਉਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ ਸੀ। ਰਿਆਤ ਬਾਹਰਾ ਯੂਨੀਵਰਸਿਟੀ ’ਚ ਧਰਮ ਰੱਖਿਅਕ ਯਾਤਰਾ ਦਾ ਸਵਾਗਤ ਕਰਦਿਆਂ ਨੇ ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦਿੱਤੀ ਗਈ ਕੁਰਬਾਨੀ ਇਤਿਹਾਸ ’ਚ ਬੇਮਿਸਾਲ ਹੈ।
ਰਾਜਪਾਲ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਅਤੇ ਧਰਮ ਦੀ ਆਜ਼ਾਦੀ ਦੀ ਰੱਖਿਆ ਲਈ ਇੱਕ ਸਦੀਵੀ ਪ੍ਰੇਰਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਿਰਫ਼ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਰਾਜਪਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਹੋਰ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਯਾਤਰਾ ਵਿੱਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਯਾਤਰਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਤਿੰਨ ਸ਼ਰਧਾਲੂ ਸਾਥੀਆਂ ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ” ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦਾ ਸੰਦੇਸ਼, ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਸੁਨੇਹਾ ਦੇਣ ਲਈ ਕੱਢੀ ਜਾ ਰਹੀ ਹੈ। ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਡਾ. ਅੰਸ਼ੂ ਕਟਾਰੀਆ, ਨਿਰਮਲ ਸਿੰਘ, ਸੁਸ਼ੀਲ ਬਾਂਸਲ, ਐੱਸ ਐੱਸ ਚੱਠਾ, ਕਮਲ ਤਿਵਾੜੀ ਤੇ ਕਰਨਬੀਰ ਸਿੰਘ ਟੌਹੜਾ ਹਾਜ਼ਰ ਸਨ।
