ਐੱਚ ਰਾਜੇਸ਼ ਪ੍ਰਸਾਦ ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਨਿਯੁਕਤ
ਕੇਂਦਰ ਸਰਕਾਰ ਨੇ ਸਾਲ 1995 ਬੈੱਚ ਦੇ ਆਈਏਐੱਸ ਅਧਿਕਾਰੀ ਐੱਚ ਰਾਜੇਸ਼ ਪ੍ਰਸਾਦ ਨੂੰ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਜਲਦੀ ਹੀ ਚੰਡੀਗੜ੍ਹ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣਗੇ। ਉਹ ਮੌਜੂਦਾ ਸਮੇਂ ਜੰਮੂ ਕਸ਼ਮੀਰ ਵਿੱਚ ਤਾਇਨਾਤ ਸਨ। ਇਹ ਆਦੇਸ਼ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਦਿਨੀਂ ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਦਾ ਤਬਾਦਲਾ ਕਰ ਕੇ ਉਨ੍ਹਾਂ ਨੂੰ ਦਿੱਲੀ ਦਾ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਸੀ। ਸ੍ਰੀ ਵਰਮਾ ਨੇ ਕੇਂਦਰ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤੇ ਪਹਿਲੀ ਅਕਤੂਬਰ ਨੂੰ ਦਿੱਲੀ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੂੰ ਮੁੱਖ ਸਕੱਤਰ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਸੀ।
ਦੱਸਣਯੋਗ ਹੈ ਕਿ 1995 ਬੈੱਚ ਦੇ ਆਈ ਏ ਐੱਸ ਅਧਿਕਾਰੀ ਐੱਚ ਰਾਜੇਸ਼ ਪ੍ਰਸਾਦ ਦਾ ਜਨਮ ਕਰਨਾਟਕ ਵਿੱਚ ਹੋਇਆ ਸੀ। ਉਨ੍ਹਾਂ ਨੇ ਬੀ-ਕਾਮ ਕਰਨ ਤੋਂ ਬਾਅਦ ਕਾਨੂੰਨ ਦੀ ਪੜ੍ਹਾਈ ਕੀਤੀ ਅਤੇ ਇਗਨੂੰ ਤੇ ਪੁਡੂਚੇਰੀ ਯੂਨੀਵਰਸਿਟੀ ਤੋਂ ਐੱਮ ਬੀ ਏ ਕੀਤੀ ਅਤੇ ਆਈ ਏ ਐੱਸ ਦੀ ਪ੍ਰੀਖਿਆ ਪਾਸ ਕੀਤੀ। ਉਹ ਸਾਲ 20022 ਤੋਂ ਜੰਮੂ ਕਸ਼ਮੀਰ ਵਿੱਚ ਤਾਇਨਾਤ ਸਨ। ਇਸ ਤੋਂ ਪਹਿਲਾਂ ਐੱਚ ਰਾਜੇਸ਼ ਪ੍ਰਸਾਦ ਅਰੁਣਾਚਲ ਪ੍ਰਦੇਸ਼ ਅਤੇ ਦਿੱਲੀ ਸਣੇ ਵੱਖ-ਵੱਖ ਥਾਵਾਂ ’ਤੇ ਸੇਵਾਵਾਂ ਨਿਭਾਅ ਚੁੱਕੇ ਸਨ।