ਪੱਤਰ ਪ੍ਰੇਰਕ
ਪੰਚਕੂਲਾ, 1 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬਾ ਸਰਕਾਰ ਫ਼ਿਲਮ ਨਿਰਮਾਤਾਵਾਂ ਅਤੇ ਕਲਾਕਾਰਾਂ ਦੀਆਂ ਸਹੂਲਤਾਂ ਲਈ ਯੋਜਨਾ ਬਣਾ ਰਹੀ ਹੈ। ਇਸ ਤੋਂ ਇਲਾਵਾ ਪਿੰਜੌਰ ਵਿਚ ਫਿਲਮ ਸਿਟੀ ਬਣਾਉਣ ਲਈ 70 ਏਕੜ ਥਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਇਸ ਯੋਜਨਾ ਰਾਹੀਂ ਸੂਬੇ ਦੇ ਸਭਿਆਚਾਰ ਦਾ ਵਿਕਾਸ ਕਰਨ ਦਾ ਯਤਨ ਕੀਤਾ ਜਾਵੇਗਾ। ਹਰਿਆਣਾ ਸਰਕਾਰ ਕਲਾਕਾਰਾਂ ਦੀਆਂ ਸਮੱਸਿਆਵਾਂ ਹੱਲ ਕਰੇਗੀ ਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਪੰਜਾਬ ਤੇ ਹਰਿਆਣਾ ਦੇ ਦਿੱਗਜ ਕਲਾਕਾਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਇਸ ਲਈ ਯਤਨ ਕਰ ਰਹੀ ਹੈ। ਇਸ ਮੌਕੇ ਉੱਘੇ ਗਾਇਕ ਦਲੇਰ ਮਹਿੰਦੀ ਦੇ ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਬਾਰੇ ਗੀਤ ਨੂੰ ਰਿਲੀਜ਼ ਕੀਤਾ ਗਿਆ। ਇਸ ਮੌਕੇ ਹੌਬੀ ਧਾਲੀਵਾਲ, ਗਾਇਕ ਪੰਮੀ ਬਾਈ, ਅਦਾਕਾਰਾ ਨਿਸ਼ਾ, ਦਿਲਬਾਗ ਸਿੰਘ, ਸਪਨਾ ਚੌਧਰੀ ਆਦਿ ਮੌਜੂਦ ਸਨ। ਸਪਨਾ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸੱਤ ਸਾਲਾਂ ਵਿਚ ਵਿਕਾਸ ਦੇ ਕਾਫੀ ਕੰਮ ਕਰਵਾਏ ਹਨ।