ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਮਈ
ਆਜ਼ਾਦ ਗਰੁੱਪ ਦੇ ਸੀਨੀਅਰ ਪਰਵਿੰਦਰ ਸਿੰਘ ਬੈਦਵਾਨ, ਫੂਲਰਾਜ ਸਿੰਘ, ਆਰਪੀ ਸਿੰਘ ਸ਼ਰਮਾ, ਜਸਪਾਲ ਸਿੰਘ ਮਟੌਰ ਸਮੇਤ ਹੋਰਨਾਂ ਆਗੂਆਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ’ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਕੇ ਜਨਤਕ ਇਕੱਠ ਕਰਨ ਅਤੇ ਮਹਾਮਾਰੀ ਨੂੰ ਹੋਰ ਫੈਲਾਉਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਉਨ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਲਿਖਤੀ ਸ਼ਿਕਾਇਤ ਦੇ ਕੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਆਜ਼ਾਦ ਗਰੁੱਪ ਦੇ ਆਗੂਆਂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਕੋਵਿਡ-19 ਮਹਾਮਾਰੀ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਪ੍ਰੰਤੂ ਮੁਹਾਲੀ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਉਨ੍ਹਾਂ ਦੇ ਛੋਟੇ ਭਰਾ ਮੇਅਰ ਜੀਤੀ ਸਿੱਧੂ ਸਮੇਤ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਕੋਵਿਡ ਨਿਯਮਾਂ ਤੇ ਪਾਬੰਦੀਆਂ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਬੀਤੀ 18 ਮਈ ਨੂੰ ਸਿਹਤ ਮੰਤਰੀ, ਮੇਅਰ, ਡਿਪਟੀ ਮੇਅਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਇਕੱਠ ਕਰਕੇ ਫੇਜ਼-11 ਤੋਂ ਬਲੌਂਗੀ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਮੇਅਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਕਾਸ ਦੇ ਨਾਂ ’ਤੇ ਪ੍ਰੋਗਰਾਮ ਉਲੀਕ ਕੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਦੋਂਕਿ ਸਿਆਸੀ ਵਿਰੋਧੀਆਂ ’ਤੇ ਨਿਯਮਾਂ ਅਤੇ ਪਾਬੰਦੀਆਂ ਸਖ਼ਤੀ ਨਾਲ ਲਾਗੂ ਕੀਤੀਆਂ ਗਈਆਂ ਹਨ।
‘ਆਜ਼ਾਦ ਗਰੁੱਪ ਤੋਂ ਸ਼ਹਿਰ ਦਾ ਵਿਕਾਸ ਹਜ਼ਮ ਨਹੀਂ ਹੋ ਰਿਹਾ’
ਮੇਅਰ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵਿਰੋਧੀ ਧਿਰ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਦੱਸਦਿਆਂ ਆਜ਼ਾਦ ਗਰੁੱਪ ਨੂੰ ਵਿਕਾਸ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਨੂੰ ਆਪਣੀ ਹਾਰ ਅਤੇ ਸ਼ਹਿਰ ਦਾ ਵਿਕਾਸ ਹਜ਼ਮ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਾਂ ਨਗਰ ਨਿਗਮ ਵੱਲੋਂ ਮੌਜੂਦਾ ਸਮੇਂ ਵਿੱਚ ਕੋਈ ਪ੍ਰੋਗਰਾਮ ਨਹੀਂ ਉਲੀਕਿਆ ਜਾ ਰਿਹਾ ਹੈ ਪ੍ਰੰਤੂ ਸਰਕਾਰੀ ਨੇਮਾਂ ਦੇ ਤਹਿਤ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ।