ਸਿਹਤ ਮੰਤਰੀ ਵੱਲੋਂ ਜ਼ਿਲ੍ਹਾ ਹਸਪਤਾਲ ਦੀ ਅਚਨਚੇਤ ਚੈਕਿੰਗ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 13 ਮਾਰਚ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅੱਖਾਂ, ਹੱਡੀਆਂ, ਗਾਇਨੀ, ਓਪੀਡੀ, ਮੈਡੀਸਨ ਅਤੇ ਸਰਜੀਕਲ ਵਿਭਾਗਾਂ ਦਾ ਨਿਰੀਖਣ ਕੀਤਾ ਅਤੇ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਸਿਵਲ ਹਸਪਤਾਲ ਦੇ ਰਜਿਸਟਰੇਸ਼ਨ ਕਾਊਂਟਰ ’ਤੇ ਮਰੀਜ਼ਾਂ ਦੀਆਂ ਲੰਬੀਆਂ ਲਾਈਨਾਂ ਵੇਖ ਕੇ ਸਿਹਤ ਮੰਤਰੀ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੇਡੀ ਸਿੰਘ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਸਵੇਰੇ 8.30 ਵਜੇ ਰਜਿਸਟਰੇਸ਼ਨ ਸ਼ੁਰੂ ਕਰਨੀ ਯਕੀਨੀ ਬਣਾਈ ਜਾਵੇ ਅਤੇ ਡਾਕਟਰਾਂ ਦੀ ਓਪੀਡੀ ਵੀ ਸਵੇਰੇ ਨੌਂ ਵਜੇ ਸ਼ੁਰੂ ਕੀਤੀ ਜਾਵੇ ਤਾਂ ਜੋ ਮਰੀਜਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਅੰਦਰ ਆਉਣ ਵਾਲੇ ਮਰੀਜ਼ਾਂ ਨੂੰ ਆਭਾ ਆਈਡੀ ਬਣਾਉਣ ਸਬੰਧੀ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੈਰਹਾਜ਼ਰ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੂੰ ਨਿਰਦੇਸ਼ ਦਿੱਤੇ ਕਿ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਦੇਣੀਆਂ ਯਕੀਨੀ ਬਣਾਈਆਂ ਜਾਣ।
ਬਲਜੀਤ ਕੌਰ ਵੱਲੋਂ ਸਪਾਈਨਲ ਇੰਜਰੀਜ਼ ਸੈਂਟਰ ਦਾ ਦੌਰਾ
ਐੱਸਏਐੱਸ ਨਗਰ (ਦਰਸ਼ਨ ਸਿੰਘ ਸੋਢੀ): ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ-70 ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇਲਾਜ ਲਈ ਪਹੁੰਚੇ ਮਰੀਜ਼ਾਂ ਅਤੇ ਤਮੀਰਦਾਰਾਂ ਨਾਲ ਖੁੱਲ੍ਹ ਕੇ ਗੱਲ ਕਰਦਿਆਂ ਉਨ੍ਹਾਂ ਤੋਂ ਫੀਡਬੈਕ ਲਿਆ। ਉਨ੍ਹਾਂ ਕਿਹਾ ਕਿ ਮੁਹਾਲੀ ਸਥਿਤ ਰੀੜ੍ਹ ਦੀ ਹੱਡੀਆਂ ਦੇ ਖੇਤਰੀ ਹਸਪਤਾਲ ਨੂੰ ਹੋਰ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕਰਕੇ ਬਿਹਤਰ ਬਣਾਏਗੀ। ਡਾ. ਬਲਜੀਤ ਕੌਰ ਨੇ ਆਈਸੀਯੂ ਅਤੇ ਹਾਈ ਡਿਪੈਂਡੈਂਸੀ ਯੂਨਿਟ ਸਮੇਤ ਐਕਸ-ਰੇਅ ਅਤੇ ਐਮਆਰਆਈ ਯੂਨਿਟ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਉੱਤਰੀ ਖੇਤਰ ਤੋਂ ਇੱਥੇ ਆਉਣ ਵਾਲੇ ਮਰੀਜ਼ਾਂ ਪ੍ਰਤੀ ਦਿਖਾਈ ਜਾ ਰਹੀ ਸਖ਼ਤ ਮਿਹਨਤ ਅਤੇ ਦੇਖਭਾਲ ਲਈ ਡਾ. ਰਾਜ ਬਹਾਦਰ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ (ਤਕਨੀਕੀ ਸਹੂਲਤਾਂ) ਮਧੂ ਪੁਰੀ, ਸਮਾਜਿਕ ਸੁਰੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ, ਡੀਐਸਪੀ ਅਜੀਤਪਾਲ ਸਿੰਘ, ਤਹਿਸੀਲਦਾਰ ਗੁਰਵਿੰਦਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤ ਬਾਲਾ ਹਾਜ਼ਰ ਸਨ।