heavy rain: ਭਰਵੇਂ ਮੀਂਹ ਨਾਲ ਚੰਡੀਗੜ੍ਹ ਜਲ-ਥਲ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸ਼ਾਮ ਸਮੇਂ ਪਏ ਭਾਰੀ ਮੀਂਹ ਨੇ ਪੂਰਾ ਸ਼ਹਿਰ ਜਲ-ਥਲ ਕਰ ਦਿੱਤਾ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਸਾਰੇ ਸੈਕਟਰਾਂ ਵਿੱਚ ਗੋਡੇ-ਗੋਡੇ ਪਾਣੀ ਭਰ ਗਿਆ, ਇਸ ਕਰ ਕੇ ਲੋਕਾਂ ਦੇ ਵਾਹਨ ਵੀ ਸੜਕਾਂ...
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸ਼ਾਮ ਸਮੇਂ ਪਏ ਭਾਰੀ ਮੀਂਹ ਨੇ ਪੂਰਾ ਸ਼ਹਿਰ ਜਲ-ਥਲ ਕਰ ਦਿੱਤਾ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਸਾਰੇ ਸੈਕਟਰਾਂ ਵਿੱਚ ਗੋਡੇ-ਗੋਡੇ ਪਾਣੀ ਭਰ ਗਿਆ, ਇਸ ਕਰ ਕੇ ਲੋਕਾਂ ਦੇ ਵਾਹਨ ਵੀ ਸੜਕਾਂ ’ਤੇ ਪਾਣੀ ਵਿੱਚ ਹੀ ਬੰਦ ਹੋ ਗਏ। ਇਸ ਦੌਰਾਨ ਡਿਊਟੀ ਤੋਂ ਘਰ ਵਾਪਸ ਜਾਣ ਵਾਲੇ ਵੱਡੀ ਗਿਣਤੀ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਮੀਂਹ ਨੇ ਆਮ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ। ਇਸ ਦੇ ਨਾਲ ਹੀ ਮੀਂਹ ਨੇ ਪ੍ਰਸ਼ਾਸਨ ਦੇ ਮੌਨਸੂਨ ਦੀਆਂ ਤਿਆਰੀਆਂ ਦੀ ਪੋਲ ਖੋਲ੍ਹ ਦਿੱਤੀ ਹੈ। ਇਸੇ ਦੌਰਾਨ ਮੌਸਮ ਵਿਭਾਗ ਵੱਲੋਂ ਭੇਜੇ ਭਾਰੀ ਮੀਂਹ ਪੈਣ ਦੇ ਅਲਰਟ ਕਾਰਨ ਲੋਕ ਡਰ ਗਏ।
ਜਾਣਕਾਰੀ ਅਨੁਸਾਰ ਸ਼ਹਿਰ ਦੇ ਉੱਤਰੀ ਖੇਤਰ ਵਿੱਚ ਭਾਰੀ ਮੀਂਹ ਪਿਆ। ਇਸ ਕਰ ਕੇ ਸੜਕਾਂ ’ਤੇ ਕਾਫੀ ਪਾਣੀ ਖੜ੍ਹਾ ਹੋ ਗਿਆ। ਸ਼ਹਿਰ ਦੇ ਪੌਸ਼ ਇਲਾਕੇ ਸੈਕਟਰ 8, 9, 10 ਅਤੇ ਆਲੇ-ਦੁਆਲੇ ਦੇ ਇਲਾਕੇ ਦੇ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ। ਇਸ ਤੋਂ ਇਲਾਵਾ ਸ਼ਹਿਰ ਦੇ ਸੈਕਟਰ 22 ਸਥਿਤ ਮੋਬਾਈਲ ਮਾਰਕੀਟ ਵਿੱਚ ਪਾਣੀ ਭਰ ਗਿਆ ਜਿਸ ਕਰ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੀਂਹ ਕਰ ਕੇ ਸ਼ਹਿਰ ਦੇ ਬਾਹਰੀ ਖੇਤਰ ਵਿੱਚ ਸਥਿਤ ਵੱਖ-ਵੱਖ ਪਿੰਡਾਂ ਵਿੱਚ ਵੀ ਪਾਣੀ ਖੜ੍ਹਾ ਹੋ ਗਿਆ। ਇਸ ਦੌਰਾਨ ਕਈ ਥਾਵਾਂ ’ਤੇ ਸੜਕ ਧਸਣ ਦੀ ਵੀ ਸੂਚਨਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਪਹਿਲਾਂ ਤੜਕੇ ਮੀਂਹ ਪਿਆ। ਉਸ ਸਮੇਂ 24 ਐੱਮ ਐੱਮ ਮੀਂਹ ਪਿਆ ਸੀ ਜਦੋਂਕਿ ਸ਼ਾਮ ਸਮੇਂ 72.7 ਐੱਮ ਐੱਮ ਮੀਂਹ ਪਿਆ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 19 ਅਗਸਤ ਨੂੰ ਵੀ ਸ਼ਹਿਰ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਸ਼ਹਿਰ ਦੀਆਂ ਸੜਕਾਂ ’ਤੇ ਆਵਾਜਾਈ ਠੱਪ ਹੋਈ
ਮੀਂਹ ਪੈਣ ਕਾਰਨ ਚੰਡੀਗੜ੍ਹ ਦੀਆਂ ਸੜਕਾਂ ’ਤੇ ਗੋਡੇ-ਗੋਡੇ ਪਾਣੀ ਖੜ੍ਹਾ ਹੋ ਗਿਆ ਜਿਸ ਕਰ ਕੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਦੇ ਵਾਹਨ ਪਾਣੀ ਵਿੱਚ ਬੰਦ ਹੋ ਗਏ ਜਿਸ ਕਾਰਨ ਸ਼ਹਿਰ ਵਿੱਚ ਆਵਾਜਾਈ ਠੱਪ ਹੋ ਗਈ। ਸੜਕਾਂ ’ਤੇ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ। ਕਈ ਸੜਕਾਂ ’ਤੇ ਲੋਕ ਲੰਮਾ ਸਮਾਂ ਟਰੈਫਿਕ ਜਾਮ ਵਿੱਚ ਫਸੇ ਰਹੇ।

