ਚੰਡੀਗੜ੍ਹ ਵਿਚ ਅਗਲੇ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਚੇਤਾਵਨੀ, ਸਕੂਲਾਂ ’ਚ 7 ਸਤੰਬਰ ਤੱਕ ਛੁੱਟੀਆਂ
ਪਿਛਲੇ ਪੰਜ ਦਿਨਾਂ ਤੋਂ ਜਾਰੀ ਦਰਮਿਆਨੇ ਤੋਂ ਭਾਰੀ ਮੀਂਹ ਨੇ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਦੇ ਵੱਖ-ਵੱਖ ਹਿੱਸਿਆਂ ਵਿੱਚ ਤਬਾਹੀ ਮਚਾਈ ਹੈ ਅਤੇ ਮੌਸਮ ਵਿਗਿਆਨੀਆਂ ਨੇ ਅਗਲੇ ਤਿੰਨ ਦਿਨਾਂ ਤੱਕ ਇਸ ਖੇਤਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਪ੍ਰ਼ਸ਼ਾਸਨ ਨੇ ਚੰਡੀਗੜ੍ਹ ਦੇ ਸਕੂਲਾਂ ਵਿਚ 7 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਹਨ।
ਜ਼ਿਲ੍ਹਾ ਮੈਜਿਸਟਰੇਟ ਨਿਸ਼ਾਂਤ ਕੁਮਾਰ ਯਾਦਵ ਨੇ ਸਥਿਤੀ ਦਾ ਨੋਟਿਸ ਲੈਂਦੇ ਹੋਏ ਸੁਖਨਾ ਚੋਅ, ਪਟਿਆਲਾ ਕੀ ਰਾਓ ਅਤੇ ਚੰਡੀਗੜ੍ਹ ਦੇ ਹੋਰ ਜਲ ਸਰੋਤਾਂ ਵਿੱਚ ਦਾਖਲ ਹੋਣ ’ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ, ਜੋ ਖ਼ਤਰੇ ਦੇ ਨਿਸ਼ਾਨ ਨਾਲ ਵਗ ਰਹੇ ਹਨ। ਇਸ ਤੋਂ ਇਲਾਵਾ ਘੱਗਰ ਨਦੀ ਵਿਚ ਵੀ ਪਾਣੀ ਪੂਰੀ ਤਰ੍ਹਾਂ ਚੜ੍ਹਿਆ ਹੋਇਆ ਹੈ ਜਿਸ ਨਾਲ ਕੈਚਮੈਂਟ ਖੇਤਰਾਂ ਦੇ ਨਾਲ-ਨਾਲ ਜਨਤਕ ਜਾਨ-ਮਾਲ ਨੂੰ ਖ਼ਤਰਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਵੀ ਸ਼ਹਿਰ ਦੇ ਸਾਰੇ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ ਜਦੋਂ ਕਿ ਮੁਹਾਲੀ ਵਿੱਚ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ/ਆਈਟੀਆਈ ਸਮੇਤ ਸਾਰੇ ਵਿਦਿਅਕ ਅਦਾਰੇ ਪਹਿਲਾਂ ਹੀ 7 ਸਤੰਬਰ ਤੱਕ ਬੰਦ ਕਰ ਦਿੱਤੇ ਗਏ ਹਨ।
ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਟ੍ਰਾਈਸਿਟੀ ਖੇਤਰ ਦੀਆਂ ਕਈ ਸੜਕਾਂ ਅਤੇ ਮੌਸਮੀ ਚੌਆਂ ’ਤੇ ਪੁਲ ਵਹਿ ਗਏ ਹਨ, ਜਿਸ ਕਾਰਨ ਅਧਿਕਾਰੀਆਂ ਨੂੰ ਵਾਹਨਾਂ ਦੀ ਆਵਾਜਾਈ ਲਈ ਉਨ੍ਹਾਂ ਨੂੰ ਬੰਦ ਕਰਨਾ ਪਿਆ ਹੈ ਜਦੋਂ ਕਿ ਮੀਂਹ ਦਾ ਪਾਣੀ ਘਰਾਂ ਅਤੇ ਵਪਾਰਕ ਅਦਾਰਿਆਂ ਵਿੱਚ ਵੀ ਦਾਖਲ ਹੋ ਗਿਆ ਹੈ ਜਿਸ ਨਾਲ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ।
ਪੰਜਾਬ ਸਰਕਾਰ ਨੇ ਪਹਿਲਾਂ ਹੀ ਮੁਹਾਲੀ ਵਿੱਚ ਹੁਣ ਤੱਕ 2,000 ਹੈਕਟੇਅਰ ਤੋਂ ਵੱਧ ਜ਼ਮੀਨ ’ਤੇ ਖੜ੍ਹੀ ਫਸਲ ਨੂੰ ਨੁਕਸਾਨ ਪਹੁੰਚਣ ਦੀ ਪੁਸ਼ਟੀ ਕੀਤੀ ਹੈ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 7,000 ਵਿਅਕਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।