ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ 48 ਘੰਟਿਆਂ ਤੋਂ ਕਈ ਥਾਈਂ ਤੇਜ਼ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੀਂਹ ਪੈਣ ਕਰਕੇ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਨੇ ਚਿਹਰੇ ਖਿੜ ਗਏ ਹਨ। ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੈ ਰਹੇ ਮੀਂਹ ਕਰਕੇ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ। ਅੱਜ ਪੰਜਾਬ ਦੇ ਲੁਧਿਆਣਾ ਸ਼ਹਿਰ ਦਾ ਤਾਪਮਾਨ ਸਭ ਤੋਂ ਘੱਟ 30.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜਦਕਿ ਪਟਿਆਲਾ ਸ਼ਹਿਰ 34.9 ਡਿਗਰੀ ਨਾਲ ਸਭ ਤੋਂ ਗਰਮ ਰਿਹਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਪਿਛਲੇ ਹਫ਼ਤੇ ਤਾਪਮਾਨ 42 ਤੋਂ 45 ਰਿਹਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 13 ਅਤੇ 14 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਚਿਤਾਵਨੀ ਹੈ। ਇਸ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਵੀ ਵੱਖ-ਵੱਖ ਵਿਭਾਗਾਂ ਨੂੰ 24 ਘੰਟੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਘਨੌਲੀ (ਪੱਤਰ ਪ੍ਰੇਰਕ): ਪੰਜਾਬ ਅੰਦਰ ਲਗਾਤਾਰ ਪੈ ਰਹੇ ਮੀਂਹ ਕਾਰਨ ਪਾਵਰਕੌਮ ਨੂੰ ਵੱਡੀ ਰਾਹਤ ਮਿਲੀ ਹੈ। ਮੀਂਹ ਪੈਣ ਉਪਰੰਤ ਜਿੱਥੇ ਕਿਸਾਨਾਂ ਦੇ ਖੇਤਾਂ ਵਿੱਚ ਝੋਨਾ ਲਾਉਣ ਲਈ ਵਾਧੂ ਪਾਣੀ ਜਮ੍ਹਾਂ ਹੋ ਗਿਆ ਹੈ, ਉੱਥੇ ਹੀ ਤਾਪਮਾਨ ਡਿੱਗਣ ਕਾਰਨ ਬਿਜਲੀ ਦੀ ਮੰਗ ਵੀ ਘੱਟ ਗਈ ਹੈ। ਪਾਵਰਕੌਮ ਦੇ ਲੋਡ ਡਿਸਪੈਚ ਕੇਂਦਰ ਤੋਂ ਇਕੱਤਰ ਜਾਣਕਾਰੀ ਅਨੁਸਾਰ ਅੱਜ ਸਿਰਫ ਰਾਜਪੁਰਾ ਦੇ ਪ੍ਰਾਈਵੇਟ ਥਰਮਲ ਪਲਾਂਟ ਦੇ 1400 ਮੈਗਾਵਾਟ ਸਮਰੱਥਾ ਵਾਲੇ ਦੋਵੇਂ ਯੂਨਿਟਾਂ ਵੱਲੋਂ ਆਪਣੀ ਪੂਰੀ ਸਮਰੱਥਾ ਨਾਲ ਬਿਜਲੀ ਪੈਦਾ ਕੀਤੀ ਗਈ ਜਦੋਂਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨਾਂ ਵਿੱਚੋਂ ਦੋ ਯੂਨਿਟਾਂ ਅਤੇ ਗੋਇੰਦਵਾਲ ਥਰਮਲ ਪਲਾਂਟ ਦੇ 2 ਯੂਨਿਟਾਂ ਵਿੱਚੋਂ ਇੱਕ ਯੂਨਿਟ ਵਲੋਂ ਆਪਣੀ ਸਮਰੱਥਾ ਨਾਲੋਂ ਅੱਧੀ ਸਮਰੱਥਾ ’ਤੇ ਬਿਜਲੀ ਪੈਦਾ ਕੀਤੀ ਗਈ।