DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Hemkund Sahib pilgrims controversy: ਜ਼ਮਾਨਤ ’ਤੇ ਰਿਹਾਅ ਹੋਏ ਨਿਹੰਗ ਸਿੰਘਾਂ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਰਵਾਂ ਸਵਾਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਨੂੰ ਦੱਸਿਆ ‘ਸਿੱਖ ਪੰਥ ਅਤੇ ਇੱਕਜੁੱਟਤਾ ਦੀ ਜਿੱਤ’

  • fb
  • twitter
  • whatsapp
  • whatsapp
Advertisement

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿੱਚ 16 ਜੂਨ ਨੂੰ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੰਘ ਸ਼ਰਧਾਲੂਆਂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਮੁਹਾਲੀ ਜ਼ਿਲ੍ਹੇ ਦੇ ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪਹੁੰਚਣ ’ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਚਮੋਲੀ (ਗੋਪੇਸ਼ਵਰ) ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ਨੀਵਾਰ ਨੂੰ ਇਨ੍ਹਾਂ ਚਾਰਾਂ ਨਿਹੰਗ ਸਿੰਘਾਂ ਦੀ ਜ਼ਮਾਨਤ ਅਰਜ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਸੀ।

ਜ਼ਮਾਨਤ ’ਤੇ ਰਿਹਾਅ ਹੋਏ ਨੌਜਵਾਨਾਂ ਦੀ ਪਛਾਣ ਸਤਵਿੰਦਰ ਸਿੰਘ, ਅਜੇ ਸਿੰਘ, ਜਸਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। 16 ਜੂਨ ਦੀ ਝੜਪ ਦੌਰਾਨ ਮਨਪ੍ਰੀਤ ਸਿੰਘ ਦੀ ਲੱਤ ਟੁੱਟ ਗਈ ਸੀ ਅਤੇ ਉਹ ਏਮਜ਼ (AIIMS) ਰਿਸ਼ੀਕੇਸ਼ ਵਿੱਚ ਜ਼ੇਰੇ-ਇਲਾਜ ਸੀ, ਜਿਸ ਕਾਰਨ ਉਸ ਨੂੰ ਐਂਬੂਲੈਂਸ ਰਾਹੀਂ ਪੰਜਾਬ ਲਿਆਂਦਾ ਗਿਆ, ਜਦੋਂ ਕਿ ਬਾਕੀ ਤਿੰਨਾਂ ਨੌਜਵਾਨਾਂ ਨੂੰ ਬੀਤੀ ਰਾਤ ਇੱਕ ਨਿੱਜੀ ਗੱਡੀ ਰਾਹੀਂ ਗੁਰਦੁਆਰਾ ਪਾਉਂਟਾ ਸਾਹਿਬ (ਨਾਹਨ) ਲਿਆਂਦਾ ਗਿਆ ਸੀ। ਅੱਜ ਸਵੇਰੇ ਜਿਵੇਂ ਹੀ ਇਹ ਚਾਰੋਂ ਗੁਰਦੁਆਰਾ ਸੋਹਾਣਾ ਸਾਹਿਬ ਪਹੁੰਚੇ, ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ, ਦਸ਼ਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਬਾਬਾ ਰਾਜਾ ਰਾਜ ਸਿੰਘ, ਬਾਬਾ ਕੁਲਵਿੰਦਰ ਸਿੰਘ ਅਤੇ ਬਾਬਾ ਬਲਦੇਵ ਸਿੰਘ ਵੈਲੀ ਵਾਲਿਆਂ ਸਮੇਤ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Advertisement

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਪੰਥ ਅਤੇ ਪੰਥਕ ਇੱਕਜੁੱਟਤਾ ਦੀ ਜਿੱਤ ਹੈ, ਜਿਸ ਸਦਕਾ ਇਹ ਸਕਾਰਾਤਮਕ ਨਤੀਜਾ ਸਾਹਮਣੇ ਆਇਆ ਹੈ. ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਸਾਹਮਣੇ ਆਈ ਸੀ, ਤਾਂ ਸ਼ਿਰੋਮਣੀ ਪੰਥ ਬੁੱਢਾ ਦਲ ਅਤੇ ਤਰਨਾ ਦਲ ਦੇ ਨਿਹੰਗ ਸਿੰਘਾਂ ਦੇ ਜੱਥੇ ਇਸ ਮਾਮਲੇ ਵਿੱਚ ਦਖਲ ਦੇਣ ਲਈ ਗੁਰਦੁਆਰਾ ਸ਼ਹੀਦਾਂ ਸੋਹਾਣਾ (ਜੋ ਕਿ ਬੁੱਢਾ ਦਲ ਦੇ 7ਵੇਂ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਦਾ ਸ਼ਹੀਦੀ ਅਸਥਾਨ ਹੈ) ਵਿਖੇ ਅਰਦਾਸ ਕਰਕੇ ਰਵਾਨਾ ਹੋਏ ਸਨ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਦੀ ਸਮੇਂ ਸਿਰ ਦਖਲਅੰਦਾਜ਼ੀ ਅਤੇ ਉੱਤਰਾਖੰਡ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਤੱਕ ਪਹੁੰਚ ਕਰਨ ਸਦਕਾ ਹੀ ਇਹ ਸਫ਼ਲਤਾ ਮਿਲੀ ਹੈ. ਜਥੇਦਾਰ ਨੇ ਸਪੱਸ਼ਟ ਕੀਤਾ ਕਿ ਨਿਹੰਗ ਸਿੰਘਾਂ ਦੀ ਰਿਹਾਈ ਕਾਨੂੰਨੀ ਪ੍ਰਕਿਰਿਆ ਤਹਿਤ ਹੋਈ ਹੈ। ਹਾਲਾਂਕਿ ਇੱਕ ਪੜਾਅ ਦੀ ਲੜਾਈ ਜਿੱਤ ਲਈ ਗਈ ਹੈ, ਪਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਇਨ੍ਹਾਂ ਕੇਸਾਂ ਨੂੰ ਮੁਕੰਮਲ ਰੂਪ ਵਿੱਚ ਰੱਦ (Quash) ਕਰਵਾਉਣ ਦੀ ਲੜਾਈ ਅਮਨ-ਅਮਾਨ ਨਾਲ ਜਾਰੀ ਰਹੇਗੀ।

Advertisement

ਜਥੇਦਾਰ ਗੜਗੱਜ ਨੇ ਇਹ ਵੀ ਦੱਸਿਆ ਕਿ ਕੁਝ ਸ਼ਰਾਰਤੀ ਅੰਸਰਾਂ ਵੱਲੋਂ ਦੋਵਾਂ ਪਾਸਿਆਂ ਨੂੰ ਭੜਕਾ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਸਿੱਖ ਸ਼ਰਧਾਲੂਆਂ ਨੂੰ ਉੱਤਰਾਖੰਡ ਰਸਤੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਸਿੱਖ ਧਾਰਮਿਕ ਚਿੰਨ੍ਹ 'ਕਿਰਪਾਨ' ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਤਿਹਾਸ ਦਾ ਹਵਾਲਾ ਦਿੰਦਿਆਂ ਯਾਦ ਦਿਵਾਇਆ ਕਿ ਸਿੱਖ ਯੋਧਿਆਂ ਨੇ ਮੀਰੀ-ਪੀਰੀ ਦੇ ਸਿਧਾਂਤ ਤਹਿਤ ਗੁਰੂ ਸਾਹਿਬ ਵੱਲੋਂ ਬਖਸ਼ੇ ਕਕਾਰਾਂ ਦੀ ਵਰਤੋਂ ਕਰਕੇ ਮੁਗਲ ਰਾਜ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਇੱਕ ਨਵਾਂ ਮੋੜ ਲਿਆਂਦਾ ਸੀ।

ਕੀ ਸੀ ਪੂਰਾ ਮਾਮਲਾ?

16 ਜੂਨ ਨੂੰ ਵਾਪਰੀ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੀੜਤ ਨਿਹੰਗ ਸਿੰਘ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕ ਕੇ ਮੋਟਰਸਾਈਕਲਾਂ 'ਤੇ ਵਾਪਸ ਪਰਤ ਰਹੇ ਸਨ. ਕਰਨਪ੍ਰਯਾਗ ਦੇ ਬਾਜ਼ਾਰ ਵਿੱਚ ਉਨ੍ਹਾਂ ਦਾ ਮੋਟਰਸਾਈਕਲ ਇੱਕ ਸਥਾਨਕ ਰਾਹਗੀਰ ਨਾਲ ਹਲਕਾ ਜਿਹਾ ਛੂਹ ਗਿਆ, ਜਿਸ ਤੋਂ ਬਾਅਦ ਸ਼ੁਰੂ ਹੋਈ ਤਕਰਾਰ ਨੇ ਹਿੰਸਕ ਰੂਪ ਧਾਰਨ ਕਰ ਲਿਆ. ਮਨਪ੍ਰੀਤ ਨੇ ਦੱਸਿਆ ਕਿ ਇੱਕ ਸਥਾਨਕ ਨਿਵਾਸੀ ਵੱਲੋਂ ਲੋਹੇ ਦੀ ਰਾਡ ਨਾਲ ਕੀਤੇ ਹਮਲੇ ਕਾਰਨ ਉਸ ਦੀ ਲੱਤ ਟੁੱਟ ਗਈ ਸੀ। ਉਸ ਨੇ ਉੱਤਰਾਖੰਡ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੇ ਹਸਪਤਾਲ ਵਿੱਚ ਉਸ ਦੀ ਚੰਗੀ ਦੇਖਭਾਲ ਕੀਤੀ ਅਤੇ ਹੁਣ ਉਸ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

ਅਦਾਲਤ ਦੀਆਂ ਸ਼ਰਤਾਂ: ਮਿਲੀ ਜਾਣਕਾਰੀ ਅਨੁਸਾਰ, ਅਦਾਲਤ ਨੇ ਜ਼ਮਾਨਤ ਦਿੰਦੇ ਹੋਏ ਸਾਫ਼ ਕੀਤਾ ਹੈ ਕਿ ਇਸ ਮਾਮਲੇ ਦੀ ਕਾਨੂੰਨੀ ਕਾਰਵਾਈ ਨਿਯਮਾਂ ਮੁਤਾਬਕ ਜਾਰੀ ਰਹੇਗੀ. ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਚਾਰਾਂ ਨਿਹੰਗ ਸਿੰਘਾਂ ਨੂੰ 50,000 ਰੁਪਏ ਦੇ ਨਿੱਜੀ ਮੁਚੱਲਕੇ ਅਤੇ ਇੰਨੀ ਹੀ ਰਾਸ਼ੀ ਦੀਆਂ ਦੋ-ਦੋ ਜ਼ਮਾਨਤਾਂ ਭਰਨ ਦੇ ਹੁਕਮਾਂ ’ਤੇ ਰਿਹਾਅ ਕੀਤਾ ਹੈ। ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਕਰਨਪ੍ਰਯਾਗ ਥਾਣੇ ਵਿੱਚ ਐੱਫ.ਆਈ.ਆਰ. ਨੰਬਰ 0017/2026 ਤਹਿਤ ਭਾਰਤੀ ਨਿਆਏ ਸੰਹਿਤਾ (BNS) ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Advertisement
×