ਏਸ਼ਿਆਈ ਚੈਂਪੀਅਨਸ਼ਿਪ ’ਚ ਜੇਤੂ ਖਿਡਾਰਨ ਦਾ ਸਨਮਾਨ
ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਕੁਲਵੰਤ ਸਿੰਘ
Advertisement
ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ ਜੋ ਕਿ ਖਿਡਾਰੀਆਂ ਅਤੇ ਖੇਡ ਸੰਸਥਾਵਾਂ ਦੇ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਨੇ ਇਹ ਗੱਲ ਸੈਕਟਰ 79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਮੁਹਾਲੀ ਸ਼ਹਿਰ ਦੀ ਅਥਲੀਟ ਮਨਜੀਤ ਕੌਰ ਬੈਦਵਾਨ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਆਖੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਨਿਵਾਜਿਆ ਜਾ ਰਿਹਾ ਹੈ ਅਤੇ ਸਮੁੱਚੇ ਪੰਜਾਬ ਵਿੱਚ ਖੇਡਾਂ ਲਈ ਵਧੀਆ ਮਾਹੌਲ ਤਿਆਰ ਕੀਤਾ ਗਿਆ ਹੈ।
Advertisement
ਉਨ੍ਹਾਂ ਕਿਹਾ ਕਿ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਮਨਜੀਤ ਕੌਰ ਬੈਦਵਾਨ ਨੇ 23ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਕਾਂਸੀ ਦੇ ਦੋ ਮੈਡਲ ਜਿੱਤੇ ਹਨ। ਮੁਹਾਲੀ ਜ਼ਿਲ੍ਹੇ ਦੇ ਬਤੌਰ ਅਥਲੈਟਿਕਸ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਅ ਰਹੀ ਮਨਜੀਤ ਕੌਰ ਬੈਦਵਾਨ ਇੰਨੀ ਵਧੀਆ ਪ੍ਰਾਪਤੀ ਨਾਲ ਮੋਹਾਲੀ ਸ਼ਹਿਰ ਦੀਆਂ ਹੋਰਨਾਂ ਖਿਡਾਰਨਾਂ ਦੇ ਲਈ ਪ੍ਰੇਰਨਾ ਸਰੋਤ ਬਣ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ, ਅਕਵਿੰਦਰ ਸਿੰਘ ਗੋਸਲ ਆਦਿ ਵੀ ਹਾਜ਼ਰ ਸਨ।
Advertisement
