ਮੁਕੇਸ਼ ਕੁਮਾਰ
ਚੰਡੀਗੜ੍ਹ, 28 ਜੁਲਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 30 ਜੁਲਾਈ ਨੂੰ ਚੰਡੀਗੜ੍ਹ ਦੌਰੇ ਤੋਂ ਇਕ ਦਿਨ ਪਹਿਲਾਂ 29 ਜੁਲਾਈ ਨੂੰ ਹੋਣ ਵਾਲੀ ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਨਿਗਮ ਅਧਿਕਾਰੀਆਂ ਨੇ ਮੀਟਿੰਗ ਮੁਲਤਵੀ ਕਰਨ ਲਈ ਪ੍ਰਸ਼ਾਸਨਿਕ ਕਾਰਨਾਂ ਦਾ ਤਰਕ ਦਿੱਤਾ ਹੈ। ਮੀਟਿੰਗ ਮੁਲਤਵੀ ਕਰਨ ਦੇ ਹੁਕਮ ਨਗਰ ਨਿਗਮ ਦੇ ਸਕੱਤਰ ਦੇ ਦਸਤਖਤ ਹੇਠ ਜਾਰੀ ਕੀਤੇ ਪੱਤਰ ਰਾਹੀਂ ਦਿੱਤੇ ਗਏ ਹਨ। ਦੂਜੇ ਪਾਸੇ ਨਗਰ ਨਿਗਮ ਦੀ ਹਾਊਸ ਮੀਟਿੰਗ ਮੁਲਤਵੀ ਹੋਣ ’ਤੇ ਕਾਂਗਰਸ ਪਾਰਟੀ ਨੇ ਮੇਅਰ ਨੂੰ ਘੇਰਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਵਿੱਚ ਕੂੜਾ ਪ੍ਰਬੰਧਨ ਵਿੱਚ ਸੁਧਾਰ ਲਈ ਗੋਆ ਦੇ ਸਟੱਡੀ ਦੌਰੇ ’ਤੇ ਜਾਣ ਬਾਰੇ ਮਤਾ ਪੇਸ਼ ਕੀਤਾ ਜਾਣਾ ਸੀ। ਇਸ ਮਤੇ ਦੇ ਖਰੜੇ ਵਿੱਚ ਦੱਸਿਆ ਗਿਆ ਹੈ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਕੂੜਾ ਪ੍ਰਾਸੈਸਿੰਗ ਪਲਾਂਟ ਨੂੰ ਦੋ ਸਾਲ ਪਹਿਲਾਂ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਸੀ ਪਰ ਕੂੜਾ ਪ੍ਰਬੰਧਨ ਜਿਸ ਤਰ੍ਹਾਂ ਹੋਣਾ ਚਾਹੀਦਾ ਸੀ, ਨਹੀਂ ਹੋ ਸਕਿਆ। ਦੱਸਣਯੋਗ ਹੈ ਕਿ ਗੋਆ ਮਿਊਂਸਿਪਲ ਕਾਰਪੋਰੇਸ਼ਨ ਸਰੋਤ ਪੱਧਰ ਤੋਂ ਕੂੜੇ ਨੂੰ ਸੰਭਾਲ ਰਹੀ ਹੈ ਅਤੇ ਕੂੜੇ ਨੂੰ ਬਿਹਤਰ ਤਰੀਕੇ ਨਾਲ ਪ੍ਰਾਸੈਸ ਕੀਤਾ ਜਾ ਰਿਹਾ ਹੈ। ਇਸੇ ਕਰਕੇ ਚੰਡੀਗੜ੍ਹ ਦੇ ਕੌਂਸਲਰਾਂ ਨੇ ਗੋਆ ਦੇ ਚਾਰ ਰੋਜ਼ਾ ਦੌਰੇ ਉੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਜਾਣਾ ਹੈ।
ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਮੇਅਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਹਾਊਸ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਦੀ ਆਮਦ ਕਰਕੇ ਰੱਦ ਕੀਤੀ ਗਈ ਹੈ।