ਪੁੱਡਾ ਭਵਨ ਅੱਗੇ ਲੜੀਵਾਰ ਭੁੱਖ ਹੜਤਾਲ ਜਾਰੀ
ਮੰਗਾਂ ਨਾ ਮੰਨੇ ਜਾਣ ’ਤੇ ਪ੍ਰਮੁੱਖ ਸਕੱਤਰ ਪੁੱਡਾ ਦੇ ਪੁਤਲੇ ਫੂਕਣ ਦੀ ਚਿਤਾਵਨੀ
ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਅਗਵਾਈ ਵਿੱਚ ਪੁੱਡਾ ਮੁਲਾਜ਼ਮਾਂ ਦੀਆਂ ਲਟਕ ਰਹੀਆਂ ਮੰਗਾਂ ਦੀ ਪ੍ਰਾਪਤੀ ਲਈ ਅੱਜ 42ਵੇਂ ਦਿਨ ਹਰਭਜਨ ਸਿੰਘ, ਬਲਵਿੰਦਰ ਸਿੰਘ, ਰਮੇਸ਼ ਕੁਮਾਰ, ਸੁਖਦੇਵ ਸਿੰਘ, ਪਵਨ ਕੁਮਾਰ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ।
ਪੁੱਡਾ ਮੁਲਾਜ਼ਮਾਂ ਨੇ ਪ੍ਰਮੁੱਖ ਸਕੱਤਰ ਪੁੱਡਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਸੈਣੀ, ਜਰਨੈਲ ਸਿੰਘ, ਸੀਸਨ ਕੁਮਾਰ, ਸ਼ਿੰਗਾਰਾ ਸਿੰਘ, ਕੁਲਦੀਪ ਸਿੰਘ, ਤਰਲੋਚਨ ਸਿੰਘ, ਦਰਸ਼ਨ ਸਿੰਘ, ਸਵਰਨ ਸਿੰਘ ਨੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਤੋਂ 1 ਜਨਵਰੀ 2004 ਤੋਂ ਪੁੱਡਾ ਵਿਚ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ, 3 ਸਾਲਾਂ ਤੋਂ ਰੋਕਿਆ ਐਕਸ-ਗ੍ਰੇਸ਼ੀਆ/ਬੋਨਸ ਤੁਰੰਤ ਦੇਣ, ਵਿਭਾਗ ਵਿਚ ਲਗਾਤਾਰ 5-10-15 ਸਾਲਾਂ ਤੋਂ ਕੰਮ ਕਰਦੇ ਕਰਮਚਾਰੀ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਦਿਆਂ ਪ੍ਰਮੁੱਖ ਸਕੱਤਰ ਪੁੱਡਾ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਇਸ ਦੌਰਾਨ ਜੇਕਰ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਪੁੱਡਾ ਪ੍ਰਸ਼ਾਸਕ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

