ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 8 ਅਕਤੂਬਰ
ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਆਉਣ ਵਾਲੇ ਦਿਨਾਂ ਵਿੱਚ ਆਪਣਾ ਸੰਘਰਸ਼ ਹੋਰ ਤਿੱਖਾ ਅਤੇ ਗੁਪਤ ਐਕਸ਼ਨ ਕਰਨ ਦਾ ਐਲਾਨ ਕੀਤਾ ਹੈ। ਮੁਹਾਲੀ ਏਅਰਪੋਰਟ ਸੜਕ ’ਤੇ ਸਥਿਤ ਪਿੰਡ ਸੋਹਾਣਾ ਦੀ ਪਾਣੀ ਦੀ ਟੈਂਕੀ ਉੱਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੀਆਂ ਸਿੱਪੀ ਸ਼ਰਮਾ ਅਤੇ ਵੀਰਪਾਲ ਕੌਰ ਨੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ।
ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਧਰਨੇ ਵਿੱਚ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ। ਖਹਿਰਾ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪੂਰੀ ਵਾਹ ਲਾਵੇਗੀ।
ਸੁਖਪਾਲ ਖਹਿਰਾ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਸਿਆਸਤ ਵਿੱਚ ਫੇਲ੍ਹ ਦੱਸਦਿਆਂ ਕਿਹਾ ਕਿ ਇਹ ਦੋਵੇਂ ਆਗੂ ਨਿਰਾ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਦੇ ਆ ਰਹੇ ਹਨ। ਇਸ ਵਾਰ ਪੰਜਾਬ ਦੇ ਲੋਕਾਂ ਨੇ ਵੀ ਬਦਲਾਅ ਲਿਆਉਣ ਦੇ ਚੱਕਰ ਵਿੱਚ ਝਾੜੂ ਦੇ ਹੱਕ ਵਿੱਚ ਫ਼ਤਵਾ ਦਿੱਤਾ ਸੀ ਅਤੇ ਚੋਣਾਂ ਵੇਲੇ ਕੇਜਰੀਵਾਲ ਤੇ ਮਾਨ ਨੇ ਇਹ ਗੱਲ ਬੜੇ ਦਾਅਵੇ ਨਾਲ ਆਖੀ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਇਨਸਾਫ਼ ਲਈ ਧਰਨੇ ਨਹੀਂ ਲਾਉਣੇ ਪੈਣਗੇ ਪ੍ਰੰਤੂ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ‘ਆਪ’ ਸਰਕਾਰ ਬਣੀ ਹੈ, ਉਸ ਦਿਨ ਤੋਂ ਲੜੀਵਾਰ ਧਰਨੇ ਚੱਲ ਰਹੇ ਹਨ ਜਿਸ ਤੋਂ ਪਤਾ ਚਲਦਾ ਹੈ ਕਿ ਰਾਜ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ। ਇਸ ਮੌਕੇ ਸੁਖਪਾਲ ਖਹਿਰਾ ਨੇ ਟੈਂਕੀ ’ਤੇ ਚੜ੍ਹੀ ਸਿੱਪੀ ਸ਼ਰਮਾ ਨਾਲ ਸਪੀਕਰ ਆਨ ਕਰਕੇ ਫੋਨ ’ਤੇ ਗੱਲ ਕੀਤੀ। ਪੀੜਤ ਔਰਤ ਨੇ ਕਿਹਾ ਕਿ ਪਿਛਲੇ ਸਾਲ ਵੀ ਇਨਸਾਫ਼ ਲਈ ਉਹ ਇਸੇ ਟੈਂਕੀ ’ਤੇ ਚੜ੍ਹੇ ਸੀ। ਉਦੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਉਨ੍ਹਾਂ ਇਹ ਭਰੋਸਾ ਦੇ ਕੇ ਥੱਲੇ ਉਤਾਰਿਆ ਸੀ ਕਿ ‘ਆਪ’ ਦੀ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ’ਤੇ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ ਪਰ ਸੱਤ ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਸੂਬਾਈ ਪ੍ਰਧਾਨ ਗੁਰਲਾਭ ਸਿੰਘ ਅਤੇ ਹੋਰਨਾਂ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।