ਦਰਸ਼ਨ ਸਿੰਘ ਸੋਢੀ
ਮੁਹਾਲੀ, 12 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ’ਤੇ ਚੋਣ ਰੈਲੀਆਂ ਕੀਤੀਆਂ ਅਤੇ ਕਾਂਗਰਸ ਸਰਕਾਰ ਨੂੰ ਰੱਜ ਕੇ ਕੋਸਿਆ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਹੀ ਮੁਹਾਲੀ ਸਮੇਤ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਹੈ। ਸ੍ਰੀ ਬਾਦਲ ਨੇ ਆਪਣੇ ਖਾਸ ਕਾਰੋਬਾਰੀ ਦੋਸਤ ਅਤੇ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਬਾਰੇ ਕਿਹਾ ਕਿ ਜੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਕੁਲਵੰਤ ਸਿੰਘ ਦੀ ਕਿਸੇ ਵੀ ਕੀਮਤ ’ਤੇ ਪਾਰਟੀ ਵਿੱਚ ਵਾਪਸੀ ਸੰਭਵ ਨਹੀਂ ਹੋਵੇਗੀ। ਇਥੋਂ ਤੱਕ ਕਿ ਉਹ ਸਾਬਕਾ ਮੇਅਰ ਨੂੰ ਆਪਣੇ ਨੇੜੇ ਢੁੱਕਣ ਨਹੀਂ ਦੇਣਗੇ। ਇਸ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਚੋਣਾਂ ਦੇ ਐਨ ਮੌਕੇ ਅਕਾਲੀ ਦਲ ਨੂੰ ਪਿੱਠ ਦਿਖਾ ਕੇ ਭੱਜਣ ਵਾਲੇ ਸਾਬਕਾ ਮੇਅਰ ਸਮੇਤ ਬਾਕੀ ਅਕਾਲੀ ਆਗੂਆਂ ਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਪਾਰਟੀ ਦੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਅਕਾਲੀ ਦਲ ਦੇ ਉਮੀਦਵਾਰਾਂ ਅਤੇ ਵਰਕਰਾਂ ਨੂੰ ਤਕੜੇ ਹੋ ਕੇ ਚੋਣਾਂ ਲੜਨ ਲਈ ਪ੍ਰੇਰਿਆ। ਚੋਣ ਰੈਲੀਆਂ ਨੂੰ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਗੁਰਮੁੱਖ ਸਿੰਘ ਸੋਹਲ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੀਤ ਸਿੰਘ ਬਾਕਰਪੁਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਸਰਬਜੀਤ ਸਿੰਘ ਪਾਰਸ, ਕੈਪਟਨ ਰਮਨਦੀਪ ਸਿੰਘ ਬਾਵਾ, ਬੀਬੀ ਮਨਹੇੜਾ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।