ਆਤਿਸ਼ ਗੁਪਤਾ
ਚੰਡੀਗੜ੍ਹ, 12 ਅਕਤੂਬਰ
ਯੂਟੀ ਪ੍ਰਸ਼ਾਸਨ ਨੇ ਐੱਨਜੀਟੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ਼ਹਿਰ ’ਚ ਪਟਾ ਕੇ ਵੇਚਣ ਅਤੇ ਚਲਾਉਣ ’ਤੇ ਫੌਰੀ ਤੌਰ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਲਿਆ ਗਿਆ। ਉਨ੍ਹਾਂ ਕਿਹਾ ਕਿ ਦਸਹਿਰੇ ਮੌਕੇ ਵੀ ਪਟਾਕਿਆਂ ਦੀ ਵਰਤੋਂ ’ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਰਾਮ ਲੀਲਾ ਕਮੇਟੀਆਂ ਨੂੰ ਰਾਵਣ, ਕੰੁਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਪਰ ਪੁਤਲਿਆਂ ’ਚ ਪਟਾਕਿਆਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਸਹਿਰੇ ਵਾਲੇ ਦਿਨ ਕਿਸੇ ਕਿਸਮ ਦੀ ਆਤਿਸ਼ਬਾਜ਼ੀ ਜਾਂ ਹੋਰ ਪਟਾਕਿਆਂ ਦੀ ਵਰਤੋਂ ’ਤੇ ਵੀ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਪਟਾਕੇ ਚਲਾਉਣ ਕਰਕੇ ਹੋਣ ਵਾਲੇ ਪ੍ਰਦੂਸ਼ਣ ਨਾਲ ਕਰੋਨਾ ਦੇ ਕੇਸਾਂ ’ਚ ਵਾਧਾ ਹੋ ਸਕਦਾ ਹੈ। ਇਸ ਲਈ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ’ਚ ਪਟਾਕੇ ਵੇਚਣ ਅਤੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਮੀਟਿੰਗ ਵਿੱਚ ਸਿਹਤ ਵਿਭਾਗ, ਵਾਤਾਵਰਣ ਵਿਭਾਗ ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਿੱਸਾ ਲਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਪਟਾਕੇ ਕਾਰਨ ਹੋਣ ਵਾਲੇ ਪ੍ਰਦੂਸ਼ਣ ਨਾਲ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਸ਼ਹਿਰ ’ਚ ਪਟਾਕੇ ਚਲਾਉਣ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਪ੍ਰਸ਼ਾਸਕ ਦੇ ਸਲਾਹਕਾਰ ਨੇ ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ 2005 ਅਤੇ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਸ੍ਰੀ ਧਰਮਪਾਲ ਨੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਆਮਦ ’ਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੁੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਦੱਸਣਯੋਗ ਹੈ ਕਿ ਪਿਛਲੇ ਸਾਲ ਵੀ ਕਰੋਨਾਵਾਇਰਸ ਦੇ ਪਸਾਰ ਦੇ ਚਲਦਿਆਂ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ’ਚ ਪਟਾਕੇ ਵੇਚਣ ਅਤੇ ਚਲਾਉਣ ’ਤੇ ਪਾਬੰਦੀ ਲਗਾ ਦਿੱਤਾ ਸੀ।
ਪਟਾਕਾ ਕਾਰੋਬਾਰੀਆਂ ਵੱਲੋਂ ਪ੍ਰਸ਼ਾਸਨ ਨੂੰ ਪਾਬੰਦੀ ਦੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ
ਚੰਡੀਗੜ੍ਹ ਕਰੈਕਰ ਡੀਲਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਚਿਰਾਗ ਅੱਗਰਵਾਲ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਨੂੰ ਪਟਾਕੇ ਵੇਚਣ ਅਤੇ ਚਲਾਉਣ ’ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਪ੍ਰਸ਼ਾਸਨ ਦੇ ਫ਼ੈਸਲੇ ਸਦਕਾ ਪਟਾਕਾ ਕਾਰੋਬਾਰੀਆਂ ਦਾ 5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪ੍ਰਸ਼ਾਸਨ ਨੇ 1635 ਪਟਾਕਾ ਵੇਚਣ ਵਾਲਿਆਂ ਤੋਂ 9.5 ਲੱਖ ਰੁਪਏ ਫੀਸ ਵਜੋਂ ਵਸੂਲੇ ਗਏ ਸਨ। ਜੋ ਕਿ ਵਾਪਸ ਕਰਨੇ ਸੀ ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਉਹ ਵਾਪਸ ਨਹੀਂ ਕੀਤੇ। ਸ੍ਰੀ ਅੱਗਰਵਾਲ ਨੇ ਕਿਹਾ ਕਿ ਐਸੋਸੀਏਸ਼ਨ ਮੀਟਿੰਗ ਕਰਕੇ ਅਗਾਮੀ ਰਣਨੀਤੀ ਤਿਆਰ ਕਰੇਗੀ।
ਪ੍ਰਸ਼ਾਸਨ ਨਿਯਮਾਂ ਦੀ ਪਾਲਣਾ ਕਰਦਿਆਂ ਪਟਾਕੇ ਵੇਚਣ ਦੀ ਇਜਾਜ਼ਤ ਦੇਵੇ: ਦਿਵਾਕਰ
ਚੰਡੀਗੜ੍ਹ ਵਪਾਰ ਮੰਡਲ ਦੇ ਪੈਟਰਨ ਦਿਵਾਕਰ ਨੇ ਕਿਹਾ ਕਿ ਦੀਵਾਲੀ ਸਭ ਤੋਂ ਵੱਡਾ ਤਿਉਹਾਰ ਮੰਨਿਆ ਜਾਂਦਾ ਹੈ ਜਿਸ ਦੇ ਸਹਾਰੇ ਵੱਡੀ ਗਿਣਤੀ ’ਚ ਕਾਰੋਬਾਰੀਆਂ ਦੇ ਘਰ ਦਾ ਗੁਜ਼ਾਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਈ ਵਪਾਰੀ ਪੁਸ਼ਤਾਂ ਤੋਂ ਪਟਾਕਿਆਂ ਦਾ ਕਾਰੋਬਾਰ ਕਰਦੇ ਆ ਰਹੇ ਹਨ। ਪ੍ਰਸ਼ਾਸਨ ਵੱਲੋਂ ਲਗਾਈ ਗਈ ਪਾਬੰਦੀ ਕਾਰਨ ਵਪਾਰੀ ਵਰਗ ਦਾ ਬਹੁਤ ਨੁਕਸਾਨ ਹੋ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਯੂਟੀ ਪ੍ਰਸ਼ਾਸਨ ਨੂੰ ਨਿਯਮਾਂ ਦੀ ਪਾਲਣਾ ਕਰਦਿਆਂ ਪਟਾਕੇ ਵੇਚਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਹੈ।