ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਅਮਲੋਹ ਦੇ ਪਿੰਡ ਸਲਾਣੀ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੇ ਸਾਂਝੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਵਿੱਚ ਦੇ ਦੋਸ਼ ਹੇਠ ਦੋ ਭਰਾਵਾਂ ਦੀਆਂ ਕਥਿਤ ਨਾਜਾਇਜ਼ ਉਸਾਰੀਆਂ ’ਤੇ ਬੁਲਡੋਜ਼ਰ ਚਲਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਸਖਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਰੁੱਧ ਨਸ਼ਾ ਤਸਕਰੀ ਸਮੇਤ 14 ਮਾਮਲੇ ਦਰਜ ਹਨ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦਿੰਦਿਆਂ ਪੁਲੀਸ ਦੇ ਕੰਟਰੋਲ ਰੂਮ ਉਤੇ ਜਾਂ ਪੁਲੀਸ ਦੇ ਹੈਲਪਲਾਈਨ ਨੰਬਰ 112 ਉਤੇ ਸੂਚਨਾ ਦੇਣ ਦੀ ਅਪੀਲ ਕੀਤੀ।
ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਉਲੀਕੀ ਰਣਨੀਤੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਅਪਣਾਏ ਜਾ ਰਹੇ ਸਖਤ ਰਵੱਈਏ ਕਾਰਨ ਲੋਕਾਂ ਦੇ ਮਨੋਬਲ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਉਨ੍ਹਾਂ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਦੇ ਵੀ ਗੰਭੀਰ ਦੋਸ਼ ਲਾਏ। ਇਸ ਮੌਕੇ ਡੀਐੱਸਪੀ ਗੁਰਦੀਪ ਸਿੰਘ, ਓਂਕਾਰ ਸਿੰਘ ਚੌਹਾਨ, ਥਾਣਾ ਮੁਖੀ ਅਮਲੋਹ ਬਲਜਿੰਦਰ ਸਿੰਘ ਅਤੇ ਥਾਣਾ ਮੁੱਖੀ ਗੋਬਿੰਦਗੜ੍ਹ ਮਨਪ੍ਰੀਤ ਸਿੰਘ ਦਿਓਲ ਆਦਿ ਹਾਜ਼ਰ ਸਨ।