ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 23 ਜੁਲਾਈ
ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਨੇ ਅੱਜ ਇਥੋਂ ਦੇ ਸੈਕਟਰ-56 ਵਿੱਚ ਪੰਜ ਫਲੈਟਾਂ ਦੇ ਅਲਾਟੀਆਂ ਵੱਲੋਂ ਕੀਤੀਆਂ ਗਿਆ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ। ਇਨ੍ਹਾਂ ਵਿੱਚੋਂ ਤਿੰਨ ਫਲੈਟਾਂ ਵਿੱਚ ਤਾਜ਼ਾ ਉਸਾਰੀਆਂ ਕੀਤੀਆਂ ਗਈਆਂ ਸਨ ਅਤੇ ਦੋ ਫਲੈਟਾਂ ਦੇ ਅਲਾਟੀਆਂ ਵੱਲੋਂ ਸਰਕਾਰੀ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਸੀ। ਇਸ ਦੇ ਨਾਲ ਹੀ ਹਾਊਂਸਿੰਗ ਬੋਰਡ ਵੱਲੋਂ ਇਥੇ ਡੱਡੂਮਾਜਰਾ ਵਿੱਚ ਵੀ ਤਿੰਨ ਦਿਨ ਪਹਿਲਾਂ ਸੀਲ ਕੀਤੇ ਗਏ ਤਿੰਨ ਫਲੈਟਾਂ ਨੂੰ ਕਬਜ਼ਾ ਮੁਕਤ ਕਰਵਾ ਕੇ ਸਰਕਾਰੀ ਜ਼ਮੀਨ ਖਾਲੀ ਕਰਵਾਈ ਗਈ। ਬੋਰਡ ਦੇ ਸੀਈਓ ਯਸ਼ਪਾਲ ਗਰਗ ਨੇ ਦੱਸਿਆ ਕਿ ਬੋਰਡ ਦੇ ਅਲਾਟੀਆਂ ਨੂੰ ਫਲੈਟਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨ ਤੋਂ ਵਰਜਿਆ ਗਿਆ ਹੈ। ਇਸ ਦੇ ਬਾਵਜੂਦ ਅਲਾਟੀ ਨਾਜਾਇਜ਼ ਉਸਾਰੀਆਂ ਕਰਨ ਤੋਂ ਬਾਜ਼ ਨਹੀਂ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਗੈਰਕਾਨੂੰਨੀ ਉਸਾਰੀਆਂ ਅਤੇ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਨ੍ਹਾਂ ਅਲਾਟੀਆਂ ਨੂੰ ਨਵੇਂ ਸਿਰੇ ਤੋਂ ਤਾਜ਼ਾ ਉਸਾਰੀਆਂ ਕਰਨ ’ਤੇ ਚਲਾਨ ਅਤੇ ਢਾਹੁਣ ਦੇ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਤੁਰੰਤ ਉਲੰਘਣਾਵਾਂ ਨੂੰ ਦੂਰ ਕਰਨ ਲਈ ਕਿਹਾ ਗਿਆ ਹੈ ਨਹੀਂ ਤਾਂ ਬੋਰਡ ਨੂੰ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਏਗਾ। ਉਨ੍ਹਾਂ ਨੇ ਚੰਡੀਗੜ੍ਹ ਵਾਸੀਆਂ ਨੂੰ ਅਪੀਲ ਕੀਤੀ ਕਿ ਹਾਊਂਸਿੰਗ ਬੋਰਡ ਦੇ ਫਲੈਟਾਂ ਦੇ ਮੂਲ ਢਾਂਚੇ ਵਿੱਚ ਬਦਲਾਅ ਨਾ ਕੀਤੇ ਜਾਣ।