ਕਰਮਜੀਤ ਸਿੰਘ ਚਿੱਲਾ
ਬਨੂੜ, 1 ਅਕਤੂਬਰ
ਘੱਗਰ ਦਰਿਆ ਦੇ ਬਨੂੜ ਨੇੜਲੇ ਖੇਤਰ ਵਿੱਚ ਮਾਈਨਿੰਗ ਮਾਫ਼ੀਆ ਵੱਲੋਂ ਰੇਤੇ ਦੀ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਹੈ। ਇਹ ਮਾਈਨਿੰਗ ਰਾਤ ਦੇ ਹਨੇਰੇ ਵਿੱਚ ਹੁੰਦੀ ਹੈ ਤੇ ਪਿੰਡਾਂ ਦੇ ਵਸਨੀਕਾਂ ਨੂੰ ਸਵੇਰੇ ਟੋਏ ਪਏ ਹੀ ਨਜ਼ਰ ਆਉਂਦੇ ਹਨ। ਪ੍ਰਸ਼ਾਸਨਿਕ ਅਧਿਕਾਰੀ ਨਾਜਾਇਜ਼ ਮਾਈਨਿੰਗ ਤੋਂ ਬੇਖ਼ਬਰ ਹਨ।
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ ਨੇ ਦੱਸਿਆ ਘੱਗਰ ਦਰਿਆ ਵਿੱਚੋਂ ਪਿੰਡ ਝਿਊਰਮਾਜਰਾ, ਕਰਾਲੀ ਅਤੇ ਕਈਂ ਹੋਰਨਾਂ ਥਾਵਾਂ ਉੱਤੇ ਨਾਜਾਇਜ਼ ਮਾਈਨਿੰਗ ਜਾਰੀ ਹੈ। ਇਨ੍ਹਾਂ ਥਾਵਾਂ ਉੱਤੇ ਰੇਤੇ ਅਤੇ ਮਿੱਟੀ ਦੀ ਪੁਟਾਈ ਕਾਰਨ ਡੂੰਘੇ ਟੋਏ ਪਏ ਹੋਏ ਹਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਘੱਗਰ ਵਿੱਚ ਜ਼ਿਆਦਾ ਮਾਈਨਿੰਗ ਰਾਤ ਸਮੇਂ ਹੁੰਦੀ ਹੈ। ਰਾਤ ਦੇ ਹਨੇਰੇ ਵਿੱਚ ਮਾਈਨਿੰਗ ਮਾਫ਼ੀਆ ਟਿੱਪਰਾਂ, ਟਰਾਲੀਆਂ ਅਤੇ ਜੇਸੀਬੀ ਮਸ਼ੀਨਾਂ ਰਾਹੀਂ ਮਾਈਨਿੰਗ ਕਰਦਾ ਹੈ।
ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੁਲੀਸ ਅਤੇ ਪ੍ਰਸ਼ਾਸਨ ਨੂੰ ਜਾਣਕਾਰੀ ਦੇ ਚੁੱਕੇ ਹਨ ਪਰ ਸਾਰਾ ਕੁਝ ਮਿਲੀਭੁਗਤ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਗਰ ਦੇ ਸਾਰੇ ਘਾਟ ਬੰਦ ਹਨ ਅਤੇ ਇੱਥੋਂ ਕੋਈ ਮਾਈਨਿੰਗ ਨਹੀਂ ਕੀਤੀ ਜਾ ਸਕਦੀ ਪਰ ਇਸ ਸਭ ਦੇ ਬਾਵਜੂਦ ਮਾਈਨਿੰਗ ਜਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਮੰਗ ਕਰਦਿਆਂ ਮਾਈਨਿੰਗ ਨਾ ਰੋਕੇ ਜਾਣ ਦੀ ਸੂਰਤ ਵਿੱਚ ਖ਼ੁਦ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ।
ਨਾਜਾਇਜ਼ ਮਾਈਨਿੰਗ ਰੋਕੀ ਜਾਵੇਗੀ: ਥਾਣਾ ਮੁਖੀ
ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹਾਲੇ ਕੁਝ ਦਿਨ ਪਹਿਲਾਂ ਹੀ ਨਿਯੁਕਤ ਹੋਏ ਹਨ। ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਤੇ ਕਿਸੇ ਨੂੰ ਵੀ ਨਾਜਾਇਜ਼ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ।