ਐਸਏਐਸ ਨਗਰ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਅੰਨਦਾਤਾ ਸਮੇਤ ਆਮ ਲੋਕਾਂ ਦਾ ਰੋਹ ਲਗਾਤਾਰ ਭਖ਼ਦਾ ਜਾ ਰਿਹਾ ਹੈ, ਉੱਥੇ ਸਮਾਜ ਸੇਵੀ ਆਗੂ ਤੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਅਤੇ ਉਨ੍ਹਾਂ ਦੀ ਪਤਨੀ ਅਤੇ ਜ਼ਿਲ੍ਹਾ ਪਰਿਸ਼ਦ ਦੀ ਸਾਬਕਾ ਚੇਅਰਪਰਸਨ ਦਲਜੀਤ ਕੌਰ ਕੰਗ ਨੇ ਕਿਸਾਨੀ ਝੰਡੇ ਬਣਾ ਕੇ ਵੰਡਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਨਰਿੰਦਰ ਕੰਗ ਰੋਜ਼ਾਨਾ ਨੌਜਵਾਨ ਪੀੜ੍ਹੀ ਨੂੰ ਦਿੱਲੀ ਕਿਸਾਨ ਸੰਘਰਸ਼ ਦਾ ਹਿੱਸਾ ਬਣਨ ਲਈ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਲਾਮਬੰਦ ਕਰ ਰਹੇ ਹਨ, ਉੱਥੇ ਦਲਜੀਤ ਕੌਰ ਕੰਗ ਘਰ ਬੈਠ ਕੇ ਕਿਸਾਨੀ ਸੰਘਰਸ਼ ਦੇ ਝੰਡੇ ਤਿਆਰ ਕਰਨ ਵਿੱਚ ਜੁਟੀ ਹੋਈ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਨਰਿੰਦਰ ਸਿੰਘ ਕੰਗ ਨੇ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨਾਂ ਦਾ ਹਰ ਵਰਗ ਵਿਰੋਧ ਕਰ ਰਿਹਾ ਹੈ ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਲੋਕ ਖਾਸ ਕਰਕੇ ਨੌਜਵਾਨ ਸੰਘਰਸ਼ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਸਬੰਧੀ ਨੌਜਵਾਨ ਵਰਗ ’ਤੇ ਕਾਫੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਨ੍ਹਾਂ ਵਿੱਚ ਨੌਜਵਾਨ ਲੜਕੀਆਂ ਵੀ ਦਿੱਲੀ ਧਰਨੇ ਵਿੱਚ ਜਾ ਰਹੀਆਂ ਹਨ। ਇਸ ਮੌਕੇ ਦਲਜੀਤ ਕੌਰ ਕੰਗ ਨੇ ਦੱਸਿਆ ਕਿ ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿੱਚ ਕਿਸਾਨੀ ਸੰਘਰਸ਼ ਦੇ ਝੰਡੇ ਤਿਆਰ ਕੀਤੇ ਜਾ ਰਹੇ ਹਨ ਤੇ ਜਿਨ੍ਹਾਂ ਦੇ ਬੰਡਲ ਬਣਾ ਕੇ ਸ਼ਹਿਰਾਂ, ਪਿੰਡਾਂ ਦੀਆਂ ਸੱਥਾਂ ਤੇ ਕਾਫ਼ਲਿਆਂ ਨੂੰ ਮੁਫ਼ਤ ਵੰਡੇ ਜਾ ਰਹੇ ਹਨ।