ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 21 ਅਕਤੂਬਰ
ਇੱਥੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੁਲੀਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਅਹਿਮ ਜ਼ਿੰਮੇਵਾਰੀ ਪੁਲੀਸ ਦੇ ਹੱਥ ਹੁੰਦੀ ਹੈ। ਪੁਲੀਸ ਜਵਾਨਾਂ ਦਾ ਆਪਣੇ ਮੁਲਕ ਪ੍ਰਤੀ ਜਜ਼ਬਾ ਹੀ ਦੇਸ਼ ਦੀ ਸੁਰੱਖਿਆ ਨੂੰ ਬਰਕਰਾਰ ਰੱਖ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਸ਼ਹੀਦੀ ਯਾਦਗਾਰੀ ਦਿਵਸ 21 ਅਕਤੂਬਰ 1959 ਨੂੰ ਲੱਦਾਖ਼ ਘਾਟੀ ਵਿੱਚ ਗਸ਼ਤ ਕਰਦੇ ਸਮੇਂ ਚੀਨ ਬਾਰਡਰ ’ਤੇ ਸ਼ਹੀਦ ਹੋਏ ਸੀਆਰਪੀਐੱਫ਼ ਦੇ ਜਵਾਨਾਂ ਦੀ ਯਾਦ ਵਿੱਚ ਸ਼ੁਰੂ ਹੋਇਆ ਸੀ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਫੁੱਲ ਮਾਲਾਵਾਂ/ਰੀਥ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦ ਜਵਾਨਾਂ ਨੂੰ ਸਲਾਮੀ ਦਿੱਤੀ। ਐੱਸਪੀ (ਐੱਚ) ਅਜਿੰਦਰ ਸਿੰਘ ਨੇ ਮੰਚ ਤੋਂ ਸ਼ਹੀਦਾਂ ਦੇ ਨਾਮ ਪੜ੍ਹੇ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਮਾਨ, ਐੱਸਪੀ ਨਵਰੀਤ ਸਿੰਘ ਵਿਰਕ, ਸਮੂਹ ਐਸਪੀ, ਡੀਐਸਪੀਜ਼ ਅਤੇ ਸ਼ਹੀਦ ਪੁਲੀਸ ਜਵਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਪੁਲੀਸ ਲਾਈਨ ਮਹੱਦੀਆਂ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਪੁਲੀਸ ਸ਼ਹੀਦੀ ਦਿਵਸ ਸਮਾਗਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਓ ਸਿੰਘ ਗਿੱਲ ਦੇ ਨਾਲ ਪੁਲੀਸ ਲਾਇਨ ਵਿੱਚ ਸਥਿਤ ਪੁਲੀਸ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਫਲ ਤੇ ਮਠਿਆਈਆਂ ਵੀ ਵੰਡੀਆਂ ਗਈਆਂ। ਉਨ੍ਹਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਪੁਲੀਸ ਦੀ ਟੁਕੜੀ ਨੇ ਸਲਾਮੀ ਦਿੱਤੀ ਅਤੇ 2 ਮਿੰਟ ਦਾ ਮੌਨ ਵੀ ਰੱਖਿਆ ਗਿਆ। ਐੱਸ.ਪੀ ਹੈਡਕੁਆਰਟਰ ਰਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 17 ਪੁਲੀਸ ਮੁਲਾਜ਼ਮਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਪੁਲੀਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਡੀਐੱਸਪੀ ਹੈੱਡਕੁਆਟਰ ਨਵਨੀਤ ਕੌਰ ਗਿੱਲ ਨੇ ਸ਼ਹੀਦ ਹੋਏ ਪੁਲੀਸ ਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹੇ।