ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਅਪਰੈਲ
ਪੰਜਾਬ ਦੇ ਲੋਕਾਂ ਨੂੰ 100 ਫੀਸਦੀ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੇ ਮੱਦੇਨਜ਼ਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਇੱਥੋਂ ਦੇ ਵਾਟਰ ਵਰਕਸ ਕੰਪਲੈਕਸ ਫੇਜ਼-2 ਵਿੱਚ ਨਵੀਂ ਮਲਟੀ ਜ਼ਿਲ੍ਹਾ ਵਾਟਰ ਟੈਸਟਿੰਗ ਲੈਬਾਰਟਰੀ ਲੋਕਾਂ ਨੂੰ ਸਮਰਪਿਤ ਕੀਤੀ। ਲੈਬਾਰਟਰੀ ਦਾ ਉਦਘਾਟਨ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੀਤਾ। ਇਸ ਮੌਕੇ ਵਿਭਾਗ ਦੇ ਮੁਖੀ ਅਮਿਤ ਤਲਵਾੜ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਸਬੰਧੀ ਰਜ਼ੀਆ ਸੁਲਤਾਨਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਉਪਰਾਲਾ ਪੰਜਾਬ ਸਰਕਾਰ ਦੀ ਪੇਂਡੂ ਵਸੋਂ ਨੂੰ ਮੁਹੱਈਆ ਕਰਵਾਏ ਜਾ ਰਹੇ ਪੀਣ ਵਾਲੇ ਪਾਣੀ ਦੀ ਜਾਂਚ ਅਤੇ ਨਿਗਰਾਨੀ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ ਸੰਕਲਪ ਦੀ ਪੂਰਤੀ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਲੈਬਾਰਟਰੀ ਆਧੁਨਿਕ ਉਪਕਰਨਾਂ ਨਾਲ ਲੈਸ ਹੈ, ਜੋ ਮੁੱਖ ਤੌਰ ’ਤੇ ਮੁਹਾਲੀ, ਰੂਪਨਗਰ ਤੇ ਨਵਾਂ ਸ਼ਹਿਰ ਜ਼ਿਲ੍ਹਿਆਂ ਦੀਆਂ ਲੋੜਾਂ ਦੀ ਪੂਰਤੀ ਕਰੇਗੀ। ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਚੁਣੇ ਗਏ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ।