ਡਾ. ਹਿਮਾਂਸੂ ਸੂੁਦ
ਫ਼ਤਹਿਗੜ੍ਹ ਸਾਹਿਬ, 30 ਅਗਸਤ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੁਨੀਆਂ ਭਰ ਵਿੱਚੋਂ ਸਭ ਤੋਂ ਮਹਿੰਗੀ ਧਰਤੀ ਹੈ। ਇਸ ਧਰਤੀ ’ਤੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਵੱਲੋਂ ਦਿੱਤੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਸ੍ਰੀ ਸੰਧਵਾਂ ਨੇ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੋਲਰ ਸਿਸਟਮ ਦਾ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਹੁੰ ਚੁੱਕ ਕੇ ਸੂਬੇ ਦਾ ਵਿਕਾਸ ਦਾ ਵਾਅਦਾ ਕੀਤਾ ਹੈ। ਇਸ ਮਗਰੋਂ ਉਹ ਦੀਵਾਨ ਟੋਡਰ ਮੱਲ ਦੀ ਹਵੇਲੀ ਦਾ ਜਾਇਜ਼ਾ ਲੈਣ ਵੀ ਪਹੁੰਚੇ। ਉਨ੍ਹਾਂ ਕਿਹਾ ਕਿ ਹਵੇਲੀ ਨੂੰ ਪੁਰਾਤਨ ਦਿੱਖ ਦੇਣ ਲਈ ਜੋ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ ਉਸ ਬਾਰੇ ਵੀ ਸਰਕਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਵੇਗੀ। ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਫਾਊਂਡੇਸ਼ਨ ਵੱਲੋਂ ਦੀਵਾਨ ਟੋਡਰ ਮੱਲ ਦੀ ਹਵੇਲੀ ਅਤੇ ਸਧਨੇ ਕਸਾਈ ਦੀ ਮਸੀਤ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਲੈਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਸਿੰਘ ਲਿਬੜਾ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਆਦਿ ਹਾਜ਼ਰ ਸਨ।