ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਜੂਨ
ਕੇਂਦਰ ਸਰਕਾਰ ਵੱਲੋਂ ਕਰੋਨਾਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸੰਕਟ ਦੇ ਇਸ ਸਮੇਂ ਵਿੱਚ ਝੋਨੇ ਦੇ ਸਮਰਥਨ ਮੁੱਲ ਵਿੱਚ 53 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਵੱਡਾ ਧੋਖਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਮੇਂ ਸਭ ਤੋਂ ਵੱਧ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੂੰ ਫਸਲ ਦਾ ਸਹੀ ਮੁੱਲ ਨਾ ਮਿਲਣ ਕਾਰਨ ਕਰਜ਼ੇ ਦੀ ਪੰਡ ਦਿਨ ਪ੍ਰਤੀ ਦਿਨ ਭਾਰੀ ਹੁੰਦੀ ਜਾ ਰਹੀ ਹੈ, ਨਤੀਜੇ ਵਜੋਂ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਝੋਨੇ ਦੇ ਸਮਰਥਨ ਮੁੱਲ ਵਿਚ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਹਮੇਸ਼ਾਂ ਵਿਤਕਰਾ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਕਿਸਾਨ ਮਜਬੂਰੀਵਸ ਆਪਣਾ ਪਿਤਾ ਪੁਰਖੀ ਧੰਦਾ ਛੱਡ ਨਹੀਂ ਸਕਦਾ ਜਿਸ ਦਾ ਕੇਂਦਰ ਸਰਕਾਰ ਨੇ ਹਮੇਸ਼ਾ ਗਲਤ ਫਾਇਦਾ ਚੁੱਕਿਆ ਹੈ। ਊਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦਾ ਸਮਰਥਨ ਮੁੱਲ 2902 ਰੁਪਏ ਪ੍ਰਤੀ ਕੁਇੰਟਲ ਮਿਥਣ ਲਈ ਮੰਗ ਕੀਤੀ ਗਈ ਸੀ ਜੋ ਬਿਲਕੁਲ ਜਾਇਜ਼ ਹੈ।