ਆਤਿਸ਼ ਗੁਪਤਾ
ਚੰਡੀਗੜ੍ਹ, 21 ਅਗਸਤ
ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਖ਼ਿਲਾਫ਼ ਚੰਡੀਗੜ੍ਹ ਕਾਂਗਰਸ ਵੱਲੋਂ ਧਨਾਸ ਵਿੱਚ ‘ਮਹਿੰਗਾਈ ’ਤੇ ਚੌਪਾਲ’ ਲਗਾਈ ਗਈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਅਤੇ ਇਲਾਕਾ ਵਾਸੀਆਂ ਨੇ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਸਬੰਧੀ ਆਪਣੇ-ਆਪਣੇ ਵਿਚਾਰ ਰੱਖੇ। ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਅਤੇ ਮਾੜੇ ਪ੍ਰਬੰਧਨ ਕਰਕੇ ਲੋਕਾਂ ਦੀਆਂ ਦਿੱਕਤਾਂ ਵਧਦੀਆਂ ਜਾ ਰਹੀਆਂ ਹਨ।
ਧਨਾਸ ਇਲਾਕੇ ਦੀਆਂ ਔਰਤਾਂ ਨੇ ਆਪਣੀਆਂ ਸਮੱਸਿਆਵਾਂ ਦੱਸਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੁੱਧ, ਦਹੀਂ ਅਤੇ ਹੋਰ ਰੋਜ਼ ਵਰਤੋਂ ਦੀਆਂ ਵਸਤੂਆਂ ’ਤੇ ਜੀਐੱਸਟੀ ਲਾਗੂ ਕਰਨ ਨਾਲ ਮਹਿੰਗਾਈ ਹੋਰ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਵਧ ਰਹੀਆਂ ਕੀਮਤਾਂ ਕਰਕੇ ਰੋਜ਼ਾਨਾ ਦਿਹਾੜੀ ਕਰਨ ਵਾਲੇ ਵਿਅਕਤੀਆਂ ਦਾ ਖਰਚਾ ਵੱਧ ਗਿਆ ਹੈ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਸਾਰੇ ਦੇਸ਼ ਦੇ ਲੋਕ ਤੰਗ ਪ੍ਰੇਸ਼ਾਨ ਹਨ। ਇਸ ਦਾ ਨਤੀਜਾ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਜ ਮੋਦੀ ਸਰਕਾਰ ਦੀ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ, ਇਸ ਲਈ ਸਾਲ 2024 ਦੀਆਂ ਚੋਣਾਂ ਵਿੱਚ ਮਹਿੰਗਾਈ ਅਤੇ ਹੋਰਾਂ ਮੁੱਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਵੋਟ ਦੀ ਸਹੀ ਵਰਤੋਂ ਕੀਤੀ ਜਾਵੇ।