ਚੰਡੀਗੜ੍ਹ ਵਿੱਚ ਮੈਟਰੋ ਸ਼ੁਰੂ ਕਰਨ ’ਤੇ ਜ਼ੋਰ
ਸੰਸਦ ਮੈਂਬਰ ਤਿਵਾਡ਼ੀ ਨੇ ਕੇਂਦਰ ਨੂੰ ਮੈਟਰੋ ਪ੍ਰਾਜੈਕਟ ਲਈ ਫੰਡ ਦੇਣ ਦੀ ਅਪੀਲ ਕੀਤੀ; ਅੰਬਾਲਾ ਤੋਂ ਕੁਰਾਲੀ ਤੇ ਲਾਂਡਰਾ ਤੋਂ ਪਿੰਜੋਰ ਤੱਕ ਮੈਟਰੋ ਦੀ ਲੋੜ
ਚੰਡੀਗੜ੍ਹ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਬੋਲਦਿਆਂ ਚੰਡੀਗੜ੍ਹ ਵਿੱਚ ਮੈਟਰੋ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਸਮੇਂ ਦੇ ਨਾਲ-ਨਾਲ ਲੋਕਾਂ ਦੀਆਂ ਵਧ ਰਹੀਆਂ ਲੋੜਾਂ ਨੂੰ ਪੂਰਾ ਕਰਨ ਲਈ ਚੰਡੀਗੜ੍ਹ, ਮੁਹਾਲੀ, ਪੰਚਕੂਲਾ ਅਤੇ ਨਿਊ ਚੰਡੀਗੜ੍ਹ ਨੂੰ ਆਪਸ ਵਿੱਚ ਜੋੜਨ ਲਈ ਮੈਟਰੋ ਪ੍ਰਾਜੈਕਟ ਸ਼ੁਰੂ ਕਰਨਾ ਚਾਹੀਦਾ ਹੈ। ਇਸ ਲਈ ਅੰਬਾਲਾ ਤੋਂ ਕੁਰਾਲੀ ਅਤੇ ਲਾਂਡਰਾ ਤੋਂ ਪਿੰਜੋਰ ਤੱਕ ਮਾਸ ਰੈਪਿਡ ਟਰਾਂਸਪੋਰਟ ਸਿਸਟਮ ਸਥਾਪਤ ਕਰਨ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਲੋਕਾਂ ਨੂੰ ਆਵਾਜਾਈ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਮੈਟਰੋ ਪ੍ਰਾਜੈਕਟ ਲਈ ਧਿਆਨ ਦੇਣਾ ਚਾਹੀਦਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਲਈ 25 ਹਜ਼ਾਰ ਕਰੋੜ ਰੁਪਏ ਜਾਰੀ ਕਰਨੇ ਚਾਹੀਦੇ ਹਨ।
ਮਨੀਸ਼ ਤਿਵਾੜੀ ਨੇ ਕਿਹਾ ਕਿ ਉਸ ਨੇ ਸਾਲ 2019 ਵਿੱਚ ਕੇਂਦਰੀ ਸੜਕ, ਟਰਾਂਸਪੋਰਟ ਤੇ ਹਾਈਵੇਅ ਮੰਤਰੀ ਅਤੇ ਕੇਂਦਰੀ ਸ਼ਹਿਰੀ ਤੇ ਘਰੇਲੂ ਮਾਮਲਿਆਂ ਬਾਰੇ ਮੰਤਰੀ ਨੂੰ ਪੱਤਰ ਲਿੱਖ ਕੇ ਚੰਡੀਗੜ੍ਹ ਵਿੱਚ ਮੈਟਰੋ ਲਿਆਉਣ ਦੀ ਮੰਗ ਕੀਤੀ ਸੀ। ਇਸ ਨਾਲ ਇਲਾਕੇ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇਗਾ ਅਤੇ ਚੰਡੀਗੜ੍ਹ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਵੀ ਆਵਾਜਾਈ ਵਿੱਚ ਸਹੁਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਯੂਨੀਫਾਈਡ ਮੈਟਰੋ ਟਰਾਂਸਪੋਲਿਟਨ ਅਥਾਰਟੀ ਦਾ ਗਠਨ ਕੀਤਾ ਸੀ, ਜਿਸ ਵੱਲੋਂ ਪਿਛਲੇ ਕਈ ਸਾਲਾਂ ਵਿੱਚ ਸਿਰਫ਼ ਤਿੰਨ ਮੀਟਿੰਗਾਂ ਹੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰੇਲਵੇ ਟੈਕਨੀਕਲ ਇਕੋਨਮਿਕ ਅਥਾਰਟੀ (ਰਾਈਟਸ) ਨੂੰ ਮੈਟਰੋ ਪ੍ਰਾਜੈਕਟ ਦੀ ਲੋੜ ਬਾਰੇ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਨੇ ਦੋ ਵਾਪਰ ਚੰਡੀਗੜ੍ਹ ਵਿੱਚ ਮੈਟਰੋ ਸ਼ੁਰੂ ਕਰਨ ਦੀ ਵਕਾਲਤ ਕੀਤੀ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਮੈਟਰੋ ਪ੍ਰਾਜੈਕਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਪਹਿਲਾਂ ਮੈਟਰੋ ਪ੍ਰਾਜੈਕਟ ਦਾ ਬਜਟ 16 ਹਜ਼ਾਰ ਕਰੋੜ ਰੁਪਏ ਸੀ, ਜੋ ਕਿ ਅੱਜ ਵੱਧ ਕੇ 25 ਹਜ਼ਾਰ ਕਰੋੜ ਰੁਪਏ ਦਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਨੂੰ ਆਪਣੇ ਅਧੀਨ ਲੈਂਦੇ ਹੋਏ 25 ਹਜ਼ਾਰ ਰੁਪਏ ਜਾਰੀ ਕਰਨੇ ਚਾਹੀਦੇ ਹਨ ਅਤੇ ਮੈਟਰੋ ਨੂੰ ਜਲਦ ਸ਼ੁਰੂ ਕਰਨਾ ਚਾਹੀਦਾ ਹੈ।

