ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜੁਲਾਈ
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੀ ਚੈਕਿੰਗ ਕੀਤੀ ਅਤੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਐਮਰਜੈਂਸੀ ਬਲਾਕ ਸਮੇਤ ਹੋਰਨਾਂ ਵੱਖ-ਵੱਖ ਵਾਰਡਾਂ, ਲੇਬਰ ਰੂਮ, ਮੈਡੀਸਨ ਸਟੋਰ, ਜੱਚਾ-ਬੱਚਾ ਵਾਰਡ, ਅਪਰੇਸ਼ਨ ਥੀਏਟਰ ਅਤੇ ਲੈਬਾਰਟਰੀ ਦਾ ਨਿਰੀਖਣ ਕੀਤਾ ਅਤੇ ਡਾਕਟਰੀ ਸਾਜ਼ੋ ਸਮਾਨ ਦਾ ਮੁਆਇਨਾ ਕੀਤਾ।
ਉਨ੍ਹਾਂ ਹਸਪਤਾਲ ਦੇ ਮੁਖੀਆਂ, ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਥਾਂ ਹਸਪਤਾਲ ਦੀ ਫ਼ਾਰਮੇਸੀ ਵਿੱਚ ਉਪਲਬਧ ਦਵਾਈਆਂ ਹੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਸਹੂਲਤਾਂ ਦੇਣ ਵਿੱਚ ਢਿੱਲ ਜਾਂ ਲਾਪਰਵਾਹੀ ਵਰਤੀ ਗਈ ਤਾਂ ਸਬੰਧਤ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹੋਰ ਨਿਰਦੇਸ਼ ਵੀ ਜਾਰੀ ਕੀਤੇ।