ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਪ੍ਰਬੰਧਾਂ ਦੀਆਂ ਚੱਲ ਰਹੀਆਂ ਤਿਆਰੀਆਂ ਬਾਰੇ ਸਮੀਖਿਆ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸ਼ਰਧਾਲੂਆਂ ਦੀ ਹੁਣ ਤੋਂ ਹੀ ਆਮਦ ਨੂੰ ਮੁੱਖ ਰੱਖ ਕੇ ਲੋੜੀਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਨੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ, ਰੂਟ ਪਲਾਨ, ਆਵਾਜਾਈ ਵਿਵਸਥਾ ਅਤੇ ਵਾਧੂ ਪਾਰਕਿੰਗ ਸਥਾਨਾਂ ਦੀ ਚੋਣ ਦਾ ਕੰਮ ਪੂਰਾ ਕੀਤਾ ਜਾਵੇ। ਉਨ੍ਹਾਂ ਸੰਗਤ ਦੀ ਸੁਖਾਵੀਂ ਆਵਾਜਾਈ ਲਈ ਸ਼ਹਿਰ ਦੀਆਂ ਅੰਦਰੂਨੀ ਸੜਕਾਂ ’ਤੇ ਮੁਫ਼ਤ ਸ਼ਟਲ ਬੱਸਾਂ ਅਤੇ ਈ- ਰਿਕਸ਼ਾ ਲਗਾਉਣ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਛੁੱਟੀ ਨਹੀਂ ਲਵੇਗਾ। ਉਨ੍ਹਾਂ ਤਿੰਨ ਆਰਜ਼ੀ ਬੱਸ ਸਟੈਂਡ ਬਣਾਉਣ, ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਨਾਉਂਣ, ਲਾਊਡ ਸਪੀਕਰਾਂ ’ਤੇ ਪਾਬੰਦੀ ਨੂੰ ਯਕੀਨੀ ਬਣਾਉਣ, ਸੁਰੱਖਿਆ ਕਰਮੀਆਂ ਦੇ ਠਹਿਰਾਓ ਦਾ ਪ੍ਰਬੰਧ ਕਰਨ, ਮੋਬਾਇਲ ਟਾਵਰਾਂ ਦੀ ਸਮਰੱਥਾ ਵਧਾਉਣ ਤੇ ਰੈਣ ਬਸੇਰਿਆਂ ’ਚ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

