ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਸੂਬੇ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਹੋਈ ਹੈ, ਉੱਧਰ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ਼ ਹੋਣ ਕਰਕੇ ਭਾਖੜਾ ਡੈਮ ਵਿਚ ਪਾਣੀ ਵਧ ਰਿਹਾ ਹੈ। ਇਸ ਸਥਿਤੀ ਨੂੰ ਸੰਭਾਲਣ ਲਈ ਭਾਖੜਾ ਨੰਗਲ ਪ੍ਰਸ਼ਾਸਨ ਵੱਲੋਂ ਫਲੱਡ ਗੇਟ ਖੋਲ੍ਹ ਕੇ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਰੂਪਨਗਰ ਹਲਕੇ ਦੇ ਕਈ ਪਿੰਡਾਂ ਵਿਚ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ। ਦਿਨੇਸ਼ ਚੱਢਾ ਨੇ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਅਧਿਕਾਰੀ ਆਪਣਾ ਸਟੇਸ਼ਨ ਛੱਡ ਕੇ ਨਾ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਸੇ ਪਿੰਡ ਜਾਂ ਸ਼ਹਿਰ ਵਿਚ ਕੋਈ ਪਰੇਸ਼ਾਨੀ ਆਉਂਦੀ ਹੈ, ਉਥੇ ਪ੍ਰਸ਼ਾਸਨ ਤੁਰੰਤ ਲੋਕਾਂ ਦੀ ਸਹਾਇਤਾ ਲਈ ਮੌਜੂਦ ਹੋਵੇ।