ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਬੁੱਧਵਾਰ ਨੂੰ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਵਿੱਚ ਪੰਜਾਬੀ ਨੂੰ ਦਫ਼ਤਰੀ ਭਾਸ਼ਾ ਵਜੋਂ ਵਰਤਣ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਇਸ ਸਬੰਧੀ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਇਹ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨਾ ਸਰਕਾਰ ਅਤੇ ਉਨ੍ਹਾਂ ਦਾ ਮੁੱਢਲਾ ਅਤੇ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਭਾਸ਼ਾ ਵਿਭਾਗ ਨੇ ਪੰਜਾਬ ਰਾਜ ਭਾਸ਼ਾ ਐਕਟ-1967 ਦੀ ਧਾਰਾ 4 ਅਤੇ ਪੰਜਾਬ ਰਾਜ ਭਾਸ਼ਾ (ਸੋਧਿਆ) ਐਕਟ-2008 ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਸਾਰੇ ਵਿਭਾਗਾਂ ਦੇ ਨਾਂ, ਸਾਈਨ ਬੋਰਡ, ਸੜਕਾਂ ਦੇ ਮੀਲ ਪੱਥਰ, ਨਾਮ ਪੱਟੀਆਂ ਅਤੇ ਸੜਕਾਂ ਦੇ ਨਾਮ ਪੰਜਾਬੀ ਦੀ ਗੁਰਮੁਖੀ ਲਿਪੀ ਵਿਚ ਲਿਖਣੇ ਲਾਜ਼ਮੀ ਕੀਤੇ ਗਏ ਹਨ।