ਬਹਾਦਰਜੀਤ ਸਿੰਘ
ਰੂਪਨਗਰ, 27 ਨਵੰਬਰ
ਦੇਸ਼ ਦੇ ਵੱਖ-ਵੱਖ ਧਰਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦੇਸ਼ ਭਰ ਵਿੱਚ ਅੰਤਰ ਧਰਮ ਤਾਲਮੇਲ ਕਮੇਟੀਆਂ (ਇੰਟਰ ਫੇਥ ਕੋਆਰਡੀਨੇਸ਼ਨ ਕਮੇਟੀਆਂ) ਦਾ ਗਠਨ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਲਾਲਪੁਰਾ ਨੇ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਲੋਕਾਂ ਨੂੰ ਦੂਜੇ ਧਰਮਾਂ ਬਾਰੇ ਗਿਆਨ ਹੀ ਨਹੀਂ ਹੈ। ਇਸ ਮੰਤਵ ਲਈ ਇੱਕ ਕਿਤਾਬ ਛਾਪੀ ਜਾਵੇਗੀ, ਜਿਸ ਵਿੱਚ ਦੇਸ਼ ਦੇ ਸਾਰੇ ਧਰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਰਗਾਂ ਵਿੱਚ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਰੁਜ਼ਗਾਰ ਨਾਲ ਸਬੰਧਤ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਅਜੇ ਵੀ ਲੋੜ ਹੈ। ਲਾਲਪੁਰਾ ਨੇ ਕਿਹਾ ਕਿ ਵਿਤਕਰੇ ਦੇ ਮਾਮਲਿਆਂ ਨਾਲ ਨਜਿੱਠਣ ਦੇ ਨਾਲ-ਨਾਲ ਇਹ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਜ਼ਿੰਮੇਵਾਰੀ ਹੈ ਕਿ ਉਹ ਸਾਡੇ ਦੇਸ਼ ਦੇ ਘੱਟ ਗਿਣਤੀ ਵਰਗਾਂ ਲਈ ਚਲਾਏ ਜਾ ਰਹੇ ਸਾਰੇ ਪ੍ਰੋਗਰਾਮਾਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇ।