ਇਜਲਾਸ ’ਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਨਜ਼ਰਅੰਦਾਜ਼: ਗੜਗੱਜ
ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਵੱਡੀ ਗਿਣਤੀ ਸੰਗਤ ਅਤੇ ਸਿੱਖ ਸ਼ਖ਼ਸੀਅਤਾਂ ਨੇ ਮੱਥਾ ਟੇਕਿਆ। ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਸਜੇ ਮੁੱਖ ਪੰਡਾਲ ’ਚ ਸ਼੍ੋਮਣੀ ਕਮੇਟੀ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਤੇ ਭਾਸ਼ਣ ਰਾਹੀਂ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਧਰਮ ਅਤੇ ਜ਼ਮੀਰ ਦੀ ਆਜ਼ਾਦੀ ਲਈ ਆਪਣੀ ਸ਼ਹਾਦਤ ਦੇ ਕੇ ਜ਼ੁਲਮੀ ਰਾਜ ਦੀ ਨੀਂਹ ਹਿਲਾਈ ਸੀ। ਉਨ੍ਹਾਂ ਕਿਹਾ ਕਿ ਅੱਜ ਸਰਕਾਰਾਂ ਸ਼ਹੀਦੀ ਦਿਹਾੜੇ ਤਾਂ ਮਨਾ ਰਹੀਆਂ ਹਨ ਪਰ ਗੁਰੂ ਸਾਹਿਬ ਦੀ ਸੋਚ ਅਨੁਸਾਰ ਨਿਆਂ ਅਤੇ ਮਨੁੱਖੀ ਅਧਿਕਾਰਾਂ ਲਈ ਖੜ੍ਹੇ ਹੋਣ ਤੋਂ ਕਤਰਾਉਂਦੀਆਂ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਵਿਧਾਨ ਸਭਾ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਵਿਸ਼ੇਸ਼ ਸੈਸ਼ਨ ਦੀ ਸਾਰਥਕਤਾ ਉਦੋਂ ਹੀ ਹੁੰਦੀ ਜੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਪਾਸ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਦੀਆਂ ਸਰਕਾਰਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਸਿੱਖ ਕੈਦੀਆਂ ਨਾਲ ਹੋ ਰਹੇ ਅਨਿਆਂ ’ਤੇ ਆਪਣਾ ਰੁਖ ਸਪੱਸ਼ਟ ਕਰਨਾ ਚਾਹੀਦਾ ਹੈ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਬਾਣੀ ਸਾਰਿਆਂ ਨੂੰ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਅਤੇ ਸਾਰਿਆਂ ਨਾਲ ਸਾਂਝ ਨੂੰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦੀ ਹੈ। ਇਸ ਮੌਕੇ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਦਵਿੰਦਰ ਸਿੰਘ ਸ਼ਹਾਬਪੁਰ ਅਤੇ ਬਾਬਾ ਜੀਵਨ ਸਿੰਘ ਹਾਂਗਕਾਂਗ ਨੇ ਵੀ ਸੰਬੋਧਨ ਕੀਤਾ। ਸ਼੍ੋਮਣੀ ਕਮੇਟੀ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।
