ਐੱਸਏਐਸ ਨਗਰ (ਮੁਹਾਲੀ): ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਜੱਗ ਅਤੇ ਧਾਰਮਿਕ ਸਮਾਗਮ ਹੋਇਆ। ਜ਼ਿਕਰਯੋਗ ਹੈ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਵਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਅਧੀਨ ਅਖੰਡ ਪਾਠ ਸਾਹਿਬ ਦੀ 52ਵੀਂ ਲੜੀ ਦੇ 5252ਵੇਂ ਅਖੰਡ ਪਾਠ ਸਾਹਿਬ ਦੇ ਸੰਪੂਰਨ ਹੋਣ ਦੀ ਖ਼ੁਸ਼ੀ ਵਿੱਚ ਅੱਜ ਸਮਾਗਮ ਹੋਇਆ। ਇਸ ਮੌਕੇ ਭਾਈ ਜਸਵੰਤ ਸਿੰਘ ਬਢਾਨਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਢਾਡੀ ਵਾਰਾਂ ਸੁਣਾਈਆਂ। ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਭਾਈ ਕਰਮਜੋਤ ਸਿੰਘ ਆਲਮਪੁਰੀ ਨੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। -ਪੱਤਰ ਪ੍ਰੇਰਕ