ਭਗਵੰਤ ਮਾਨ ਨੇ ਪੰਜਾਬ ਸਰਕਾਰ ਦਿੱਲੀ ਦੇ ਆਗੂਆਂ ਨੂੰ ਠੇਕੇ 'ਤੇ ਦਿੱਤੀ: ਜਾਖੜ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਵਿਚ ਸ਼ਾਮਲ ਹੋਏ ਰਣਜੀਤ ਸਿੰਘ ਗਿੱਲ ’ਤੇ ਵਿਜੀਲੈਂਸ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾ ਦਿੱਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦਿੱਲੀ ਦੇ ਆਗੂਆਂ ਨੂੰ ਠੇਕੇ ’ਤੇ ਦਿੱਤੀ ਹੋਈ ਹੈ। ਜਾਖੜ ਨੇ ਕਿਹਾ ਕਿ ਮਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਰਕਾਰ ਬਦਲਣ ਤੋਂ ਬਾਅਦ ਜਵਾਬਦੇਹੀ ਉਨ੍ਹਾਂ ਦੀ ਹੋਵੇਗੀ।
ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੈਂਗਸਟਰਾਂ ਨੂੰ ਖਤਮ ਕਰਨ ਦੀ ਬਜਾਏ ਖੁਦ ਇਕ ਸਿਆਸੀ ਗੈਂਗ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਣਜੀਤ ਸਿੰਘ ਗਿੱਲ ’ਤੇ ਕਾਰਵਾਈ ਜਮਹੂਰੀ ਮਰਿਆਦਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਰੋਧੀਆਂ ਨੂੰ ਡਰਾਉਣਾ ਚਾਹੁੰਦੀ ਹੈ ਤਾਂ ਕਿ ਜੋ ਕੋਈ ਵੀ ਸਰਕਾਰ ਦੀ ਲਾਈਨ ਤੋਂ ਪਾਸੇ ਜਾਵੇਗਾ ਜਾਂ ਵਿਰੋਧੀ ਪਾਰਟੀ ਵਿਚ ਜਾਵੇਗਾ ਉਸ ਨਾਲ ਅਜਿਹਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰੇਕ ਨੂੰ ਆਪਣੇ ਸਿਆਸੀ ਰਾਹ ਚੁਣਨ ਦਾ ਅਖ਼ਤਿਆਰ ਹੈ ਪਰ ਆਮ ਆਦਮੀ ਪਾਰਟੀ ਉਨ੍ਹਾਂ ਦੇ ਨਾਲ ਨਾ ਚੱਲਣ ਵਾਲਿਆਂ ਵਿਰੁੱਧ ਛਾਪੇਮਾਰੀ ਜ਼ਰੀਏ ਦਬਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਬਦਲਾਖੋਰੀ ਦੀ ਨੀਤੀ ਤਹਿਤ ਇਹ ਛਾਪੇ ਮਾਰੀ ਬੰਦ ਕਰੇ।