ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਜੂਨ
ਮੁਹਾਲੀ ਪੁਲੀਸ ਨੇ ਜਲਾਲਾਬਾਦ ਦੇ ਵਸਨੀਕ ਦੀਪਕ ਕੁਮਾਰ (32) ਨੂੰ ਆਰਮੀ ਦੇ ਜਾਅਲੀ ਸ਼ਨਾਖ਼ਤੀ ਕਾਰਡ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਦੀਪਕ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਧਾਰਾ 474 ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐੱਸਐੱਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗੁਪਤ ਸੂਚਨਾ ’ਤੇ ਦੀਪਕ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਕਰਮਚਾਰੀਆਂ ਵੱਲੋਂ ਇੱਥੋਂ ਦੇ ਫੇਜ਼-1 ਸਥਿਤ ਫਰੈਂਕੋ ਹੋਟਲ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਵੱਲੋਂ ਆ ਰਹੇ ਦੀਪਕ ਕੁਮਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਆਰਮੀ ਦਾ ਜਾਅਲੀ ਆਈ-ਕਾਰਡ (ਸ਼ਨਾਖ਼ਤੀ ਕਾਰਡ) ਬਰਾਮਦ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਹੈ।