ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 28 ਅਕਤੂਬਰ
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਅਤੇ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਜਨਤਾ ਦਲ (ਯੂਨਾਈਟਿਡ) ਦੇ ਆਗੂਆਂ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇਕੱਠੇ ਸਿਆਸੀ ਪਾਰੀ ਖੇਡਣ ਲਈ ਹੱਥ ਮਿਲਾ ਲਏ ਹਨ। ਜਨਤਾ ਦਲ ਦੇ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ ਅਤੇ ਹੋਰਨਾਂ ਆਗੂਆਂ ਨੇ ਬੁੱਧਵਾਰ ਨੂੰ ਇੱਥੋਂ ਦੇ ਸੈਕਟਰ-82 ਸਥਿਤ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਮੁੱਖ ਦਫ਼ਤਰ ਵਿੱਚ ਪਹੁੰਚ ਕੇ ਸ੍ਰੀ ਢੀਂਡਸਾ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਰਸਮੀ ਐਲਾਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਲਈ ਸਾਰੇ ਹਮਖ਼ਿਆਲੀ ਦਲਾਂ ਨੂੰ ਇਕੱਠੇ ਹੋਣ ਦੀ ਲੋੜ ਹੈ ਤਾਂ ਜੋ ਸੂਬੇ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਹਮੇਸ਼ਾ ਹੀ ਪੰਜਾਬ ਸਮੇਤ ਗੁਆਂਢੀ ਸੂਬਿਆਂ ਦੇ ਹੱਕਾਂ ਉੱਤੇ ਡਾਕਾ ਮਾਰਦੀਆਂ ਰਹੀਆਂ ਹਨ ਜਦਕਿ ਖੇਤਰੀ ਪਾਰਟੀਆਂ ਨੇ ਹਮੇਸ਼ਾ ਹੀ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨ ਲਿਆ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ, ਜੋ ਸਰਾਸਰ ਗਲਤ ਤੇ ਲੋਕਤੰਤਰ ਦੇ ਖ਼ਿਲਾਫ਼ ਹੈ।