ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਸਤੰਬਰ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਡਿਊਟੀ ਦੌਰਾਨ ਫੌਤ ਹੋਏ ਸੀਵਰਮੈਨ ਹਰਪਾਲ ਸਿੰਘ ਦੀ ਪਤਨੀ ਬਲਵਿੰਦਰ ਕੌਰ ਨੂੰ ਤਰਸ ਦੇ ਆਧਾਰ ’ਤੇ ਨਗਰ ਨਿਗਮ ਵਿੱਚ ਨੌਕਰੀ ਦਿੱਤੀ ਗਈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਡਾ. ਕਮਲ ਗਰਗ ਅਤੇ ਕੌਂਸਲਰ ਬਲਜੀਤ ਕੌਰ ਵੀ ਹਾਜ਼ਰ ਸਨ।
ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਸ਼ਹਿਰ ਵਿੱਚ ਬੰਦ ਸੀਵਰੇਜ ਲਾਈਨ ਦੀ ਸਫ਼ਾਈ ਦੌਰਾਨ ਦੋ ਸੀਵਰਮੈਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ’ਚੋਂ ਇਕ ਮ੍ਰਿਤਕ ਕਰਮਚਾਰੀ ਹਰਪਾਲ ਸਿੰਘ ਦੇ ਪਰਿਵਾਰ ਨੂੰ ਪਹਿਲਾਂ ਹੀ ਨਗਰ ਨਿਗਮ ਵੱਲੋਂ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੱਤਾ ਜਾ ਚੁੱਕਾ ਹੈ। ਮ੍ਰਿਤਕ ਸੀਵਰਮੈਨ ਹਰਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਦੂਜੇ ਮ੍ਰਿਤਕ ਸੀਵਰਮੈਨ ਦੇ ਪਰਿਵਾਰ ਨੂੰ ਵੀ ਜਲਦੀ ਰਾਹਤ ਦਿੱਤੀ ਜਾਵੇਗੀ।