ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 20 ਸਤੰਬਰ
ਇੱਥੋਂ ਦੇ ਡਾਕਟਰ ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਫੇਜ਼-6 ਵਿਖੇ ਅੱਜ ਭਾਈ ਘਨੱਈਆ ਜੀ ਦੀ ਬਰਸੀ ਨੂੰ ‘ਮਾਨਵ ਸੇਵਾ ਸੰਕਲਪ ਦਿਵਸ’ ਵਜੋਂ ਮਨਾਇਆ ਗਿਆ। ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਨੇ ਜਾਤ-ਪਾਤ ਅਤੇ ਧਰਮ ਦੀ ਪ੍ਰਵਾਹ ਕੀਤੇ ਬਿਨਾਂ ਮਨੁੱਖਤਾ ਦੀ ਸੇਵਾ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਅਪੀਲ ਕੀਤੀ ਕਿ ਜਦੋਂ ਕੋਈ ਮਰੀਜ਼ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਆਉਂਦਾ ਹੈ ਤਾਂ ਉਸ ਪ੍ਰਤੀ ਚੰਗਾ ਵਤੀਰਾ ਅਪਣਾਉਣ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇ। ਇਸ ਤੋਂ ਪਹਿਲਾਂ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਵਧੀਕ ਸਕੱਤਰ ਰਾਹੁਲ ਗੁਪਤਾ ਨੇ ਭਾਈ ਘਨੱਈਆ ਜੀ ਨੂੰ ਯਾਦ ਕੀਤਾ। ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਕਿਹਾ ਕਿ ਭਾਈ ਘਨੱਈਆ ਜੀ 100 ਸਾਲ ਪਹਿਲਾਂ ਰੈੱਡ ਕਰਾਸ ਸੇਵਾਵਾਂ ਦੀ ਸਥਾਪਨਾ ਤੋਂ ਪਹਿਲਾਂ ਵੀ ਮਾਨਵਤਾ ਦੀ ਸੇਵਾ ਦੇ ਮਾਰਗ ’ਤੇ ਚੱਲੇ ਸਨ। ਬਾਇਓ-ਕੈਮਿਸਟਰੀ ਦੇ ਐਸੋਸੀਏਟ ਪ੍ਰੋਫੈਸਰ ਡਾ. ਵਿਨੀਤ ਨੇ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਬੋਲਦਿਆਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਮਨੁੱਖਤਾ ਲਈ ਆਪਣਾ ਜੀਵਨ ਸਮਰਪਿਤ ਕੀਤਾ। ਏਮਜ਼ ਮੁਹਾਲੀ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਐਮਰਜੈਂਸੀ ਵਿੱਚ ਡਾਕਟਰਾਂ ਦੇ ਜੀਵਨ ਅਤੇ ਭਾਈ ਨਨੂਆ ਜੀ ਅਤੇ ਭਾਈ ਘਨੱਈਆ ਜੀ ਦੇ ਜੀਵਨ ਨੂੰ ਦਰਸਾਉਂਦਾ ਨੁੱਕੜ ਨਾਟਕ ਪੇਸ਼ ਕੀਤਾ। ਇਸ ਮੌਕੇ ਐਸਡੀਐਮ ਸਰਬਜੀਤ ਕੌਰ, ਸ੍ਰੀਮਤੀ ਨੀਲਿਮਾ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐਸਐਮਓ ਡਾ. ਐਚਐਸ ਚੀਮਾ ਤੇ ਡਾ. ਵਿਜੈ ਭਗਤ, ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਕਮਲੇਸ਼ ਕੁਮਾਰ ਅਤੇ ਮੈਡੀਕਲ ਕਾਲਜ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।