ਕਰਮਜੀਤ ਸਿੰਘ ਚਿੱਲਾ
ਬਨੂੜ, 17 ਫਰਵਰੀ
ਰਾਜਪੁਰਾ ਹਲਕੇ ਤੋਂ ਚੋਣ ਲੜ ਰਹੇ ਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਅੱਜ ਬਨੂੜ ਸ਼ਹਿਰ ਅਤੇ ਇਸ ਖੇਤਰ ਦੇ ਪਿੰਡਾਂ ਵਿੱਚ ਪ੍ਰਚਾਰ ਕੀਤਾ।
ਕਾਂਗਰਸੀ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਕੋਲੋਂ ਵੋਟਾਂ ਮੰਗੀਆਂ। ਇਸ ਮੌਕੇ ਉਨ੍ਹਾਂ ਸ਼ਹਿਰ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਹੋਏ 40 ਕਰੋੜ ਦੇ ਕੰਮ ਗਿਣਾਏ ਅਤੇ ਵਿਕਾਸ ਦੇ ਨਾਂ ਤੇ ਵੋਟਾਂ ਮੰਗੀਆਂ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਭੋਲਾ, ਨਗਰ ਕੌਂਸਲ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਉੱਪ ਪ੍ਰਧਾਨ ਜਗਦੀਸ਼ ਕਾਲਾ, ਮਹਿਲਾ ਕਾਂਗਰਸ ਦੀ ਪ੍ਰਧਾਨ ਪ੍ਰੀਤੀ ਵਾਲੀਆ ਸਮੇਤ ਕੌਂਸਲਰ ਵੀ ਉਨ੍ਹਾਂ ਦੇ ਨਾਲ ਸਨ। ਦੁਕਨਦਾਰਾਂ ਨੇ ਸ੍ਰੀ ਕੰਬੋਜ ਦਾ ਸਵਾਗਤ ਕੀਤਾ ਤੇ ਸਾਥ ਦੇਣ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੇ ਬਾਜ਼ਾਰ ਵਿੱਚ ਦੁਕਾਨਦਾਰਾਂ ਕੋਲੋਂ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਧਿਰਾਂ ਨੂੰ ਦਰਕਿਨਾਰ ਕਰਕੇ ‘ਆਪ’ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਵਿਧਾਇਕ ਕੰਬੋਜ ਉੱਤੇ ਤਿੱਖੇ ਹਮਲੇ ਕੀਤੇ। ਦੁਕਾਨਦਾਰਾਂ ਨੇ ਸਹਿਯੋਗ ਦਾ ਭਰੋਸਾ ਦਿਵਾਇਆ।
ਦੂਜੇ ਪਾਸੇ ਅਕਾਲੀ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਅਕਾਲੀ ਕੌਂਸਲਰ ਲਛਮਣ ਸਿੰਘ ਚੰਗੇਰਾ ਵੱਲੋਂ ਵਾਰਡ ਨੰਬਰ 9 ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਅਤੇ ਕਾਂਗਰਸ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਅਕਾਲੀ ਸਰਕਾਰ ਵੱਲੋਂ ਦਸ ਸਾਲ ਵਿੱਚ ਕਰਾਏ ਕੰਮ ਚੇਤੇ ਕਰਵਾਏ ਅਤੇ ਪੰਜਾਬ ਵਿੱਚ ਗਠਜੋੜ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ। ਜਦਕਿ ਭਾਜਪਾ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੇ ਇਸ ਖੇਤਰ ਦੇ ਕਈਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ।