ਕੰਗ ਵੱਲੋਂ ਐੱਮਪੀ ਲੋਕਲ ਫੰਡ ਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 10 ਜੁਲਾਈ
ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਕੋ-ਚੇਅਰਮੈਨ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਲੋਕ ਸਭਾ ਮੈਂਬਰ ਸ੍ਰੀ ਕੰਗ ਵੱਲੋਂ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਆਮ ਵਰਗਾਂ ਅਤੇ ਕਮਜ਼ੋਰ ਵਰਗਾਂ ਲਈ ਆਉਂਦੇ ਫੰਡਾਂ ਨੂੰ ਦਿਆਨਤਦਾਰੀ/ਇਮਾਨਦਾਰੀ ਨਾਲ ਵਰਤਣ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਜਾਣੂੰ ਕਰਾਉਣ ਦੀ ਅਪੀਲ ਕੀਤੀ ਗਈ।
ਡੇਰਾਬਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਰੱਖੀ। ਉਨ੍ਹਾਂ ਪੀਣ ਵਾਲੇ ਪਾਣੀ ਦਾ ਢੁੱਕਵਾਂ ਹੱਲ ਲੱਭਣ ਦੀ ਅਪੀਲ ਕੀਤੀ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਸ਼ਹਿਰ ਵਿੱਚ ਸਾਫ਼-ਸਫ਼ਾਈ, ਨਾਜਾਇਜ਼ ਰੇਹੜ੍ਹੀਆਂ ਫੜ੍ਹੀਆਂ/ਨਜਾਇਜ਼ ਕਬਜ਼ਿਆਂ ਦਾ ਢੁੱਕਵਾਂ ਹੱਲ ਲੱਭਣ ਲਈ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਅਤੇ ਕਮਿਸ਼ਨਰ ਨਗਰ ਨਿਗਮ ਪਰਮਿੰਦਰਪਾਲ ਸਿੰਘ ਹਾਜ਼ਰ ਸਨ।