ਲੈਂਡ ਪੂਲਿੰਗ ਨੀਤੀ ’ਤੇ ਰੋਕ ਦਾ ਕੰਗ ਵੱਲੋਂ ਸਵਾਗਤ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਤੇ ਪੰਜਾਬ ਵਿਰੋਧੀ ਦੱਸਦਿਆਂ ਹਾਈ ਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਵੱਲੋਂ ਵਾਪਸ ਲੈਣ ਦਾ ਸਵਾਗਤ ਕੀਤਾ ਹੈ। ਸ੍ਰੀ ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਦਿੱਲੀ ਅੱਗੇ ਗੋਡੇ ਟੇਕਦਿਆਂ ਪੰਜਾਬ ਦੀ ਕਿਸਾਨੀ ਦੀ ਤਬਾਹੀ ਕਰਨ ਲਈ ਇਹ ਨੀਤੀ ਲਿਆਂਦੀ ਗਈ ਸੀ।
ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਲਿਆਉਣ ਤੋਂ ਪਹਿਲਾਂ ਸਰਕਾਰ ਨੇ ਕਿਸੇ ਵੀ ਕਿਸਾਨ ਜਥੇਬੰਦੀ ਜਾਂ ਆਗੂ ਦੀ ਸਲਾਹ ਨਹੀਂ ਲਈ ਜਿਸ ਕਾਰਨ ਪੰਜਾਬ ਭਰ ਵਿੱਚ ਇਸ ਨੀਤੀ ਦਾ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸ੍ਰੀ ਕੰਗ ਨੇ ਕਿਹਾ ਕਿ ਕਿਸਾਨਾਂ ਨੂੰ ਆਰਥਿਕ ਤੇ ਸਮਾਜਿਕ ਪੱਖ ਤੋਂ ਖੋਖਲਾ ਕਰਨ ਵਾਲੀ ਇਸ ਸਕੀਮ ਨੂੰ ਮੁਢਲੇ ਤੌਰ ’ਤੇ ਘੋਖਦਿਆਂ ਹੀ ਹਾਈਕੋਰਟ ਨੂੰ ਇਸ ’ਤੇ ਰੋਕ ਲਗਾਉਣੀ ਪਈ ਹੈ। ਸ੍ਰੀ ਕੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਨੀਤੀ ਨੂੰ ਕਿਸੇ ਵੀ ਸੂਰਤ ਵਿੱਚ ਲਾਗੂ ਨਹੀਂ ਹੋਣ ਦਿੰਦੀ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢੇਗੀ।