ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੇਜਰੀਵਾਲ ਵੱਲੋਂ ਮੁਹਾਲੀ ’ਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਪਲਾਂਟ ਏਸ਼ੀਆ ਦਾ ਪਹਿਲਾ ਨਵੀਨਤਮ ਤਕਨਾਲੋਜੀ ਵਾਲਾ ਕਰਾਰ
Advertisement

ਕਰਮਜੀਤ ਸਿੰਘ ਚਿੱਲਾ

ਐੱਸ.ਏ.ਐੱਸ.ਨਗਰ(ਮੁਹਾਲੀ), 7 ਜੁਲਾਈ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਦੇ ਸੈਕਟਰ 83 ਵਿੱਚ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਮਿਲੀਅਨ ਗੈਲਨ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੋਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ, ਜਿਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ। ਸਿੰਗਾਪੁਰ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਮੁਲਕ ਵਿੱਚ ਮੀਂਹ ਦੇ ਪਾਣੀ ਨੂੰ ਪੀਣਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਤਕਨਾਲੋਜੀ ਵਰਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੀ ਪਾਣੀ ਨੂੰ ਬਚਾਉਣ ਅਤੇ ਸਾਂਭਣ ਲਈ ਪੂਰੀ ਸ਼ਿੱਦਤ ਨਾਲ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ, ਹਵਾ ਤੇ ਜ਼ਮੀਨ ਦੀਆਂ ਵੋਟਾਂ ਨਾ ਹੋਣ ਕਾਰਨ ਰਵਾਇਤੀ ਪਾਰਟੀਆਂ ਨੇ ਇਸ ਨੂੰ ਅਣਗੌਲਿਆ ਕੀਤਾ ਅਤੇ ਸੂਬੇ ਦੇ ਇਨ੍ਹਾਂ ਗੰਭੀਰ ਮਸਲਿਆਂ ਪ੍ਰਤੀ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਪ੍ਰਦੂਸ਼ਣ ਵਧਿਆ ਅਤੇ ਕੁਦਰਤੀ ਸਰੋਤ ਪਲੀਤ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਸੂਬਾ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਮਕਾਨ ਉਸਾਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੋਂ ਗਮਾਡਾ ਦੇ ਉੱਚ ਅਧਿਕਾਰੀ ਅਤੇ ਪੁਲੀਸ ਦੇ ਅਧਿਕਾਰੀ ਹਾਜ਼ਰ ਸਨ।

ਪੰਜਾਬ ਦੇ 13 ਵੱਡੇ ਅਤੇ 153 ਛੋਟੇ ਸ਼ਹਿਰਾਂ ਲਈ ਅਗਲੇ ਛੇ ਮਹੀਨੇ ਵਿੱਚ ਨਜ਼ਰ ਆਵੇਗਾ ਮਿਸ਼ਨ ਮੋਡ: ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਟਰੀਟਮੈਂਟ ਪਲਾਂਟ ਦੇ ਚੱਲਣ ਨਾਲ ਮੁਹਾਲੀ ਸ਼ਹਿਰ ਦੇ ਸੀਵਰੇਜ ਦੇ ਪਾਣੀ ਦਾ ਟਰੀਟਮੈਂਟ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਵਿਚ ਪਾਣੀ ਸੋਧਣ ਦੀ ਤਕਨੀਕ ਦਿੱਲੀ ਨਾਲੋਂ ਕਿਤੇ ਵਧੀਆ ਹੈ। ਅਰਵਿੰਦ ਕੇਜਰੀਵਾਲ ਨੇ ਇਸ ਮੌਕੇ ਐਲਾਨ ਕੀਤਾ ਕਿ ਅਗਲੇ ਛੇ ਮਹੀਨਿਆਂ ਵਿੱਚ ਮਿਸ਼ਨ ਦੇ ਅਧਾਰ ’ਤੇ ਸੂਬੇ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਦਸੰਬਰ ਤੋਂ ਇਸ ਦੀ ਸ਼ੁਰੂਆਤ ਕਰਕੇ ਸੂਬਾ ਸਰਕਾਰ ਪੰਜਾਬ ਦੇ 13 ਵੱਡੇ ਅਤੇ 153 ਛੋਟੇ ਸ਼ਹਿਰਾਂ ਸਮੇਤ 166 ਸ਼ਹਿਰਾਂ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਸਹੂਲਤ, ਸਫਾਈ, ਸੜਕਾਂ, ਲਾਈਟਾਂ ਅਤੇ ਐਸਟੀਪੀ ਦੀ ਵਿਵਸਥਾ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਪਹਿਲਾ ਅਲਟਰਾ ਫਿਲਟਰੇਸ਼ਨ ਪਲਾਂਟ ਹੈ ਅਤੇ ਇਸ ਪਲਾਂਟ ਤੋਂ ਸੋਧੇ ਹੋਏ ਪਾਣੀ ਦੀ ਵਰਤੋਂ ਸਿੰਚਾਈ, ਸੜਕਾਂ ਦੀ ਸਫਾਈ, ਟਾਇਲਟ ਫਲੱਸ਼ਿੰਗ ਅਤੇ ਹੋਰ ਉਦੇਸ਼ਾਂ ਲਈ ਕੀਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੋਧੇ ਹੋਏ ਪਾਣੀ ਦੀ ਵਰਤੋਂ ਤਾਜ਼ੇ ਪਾਣੀ ’ਤੇ ਨਿਰਭਰਤਾ ਘਟਾਏਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਬਿਜਲੀ ਦੀ ਖਪਤ ਨੂੰ ਘਟਾਉਣ ਲਈ ਇਸ ਸਥਾਨ ’ਤੇ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪਾਵਰ ਪਲਾਂਟ ਵੀ ਲਾਇਆ ਗਿਆ ਹੈ।

Advertisement