ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖੁੱਡੀਆਂ ਵੱਲੋਂ ਫ਼ਤਹਿਗੜ੍ਹ ਸਾਹਿਬ ਤੋਂ ਵਿਕਸਤ ਕ੍ਰਿਸ਼ੀ ਸੰਕਲਪ ਮੁਹਿੰਮ ਸ਼ੁਰੂ

ਪੰਜਾਬ ਸਰਕਾਰ ਨੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ 500 ਕਰੋੜ ਤੇ ਝੋਨੇ ਦੀ ਸਿੱਧੀ ਬਿਜਾਈ ਲਈ 40 ਕਰੋੜ ਰੁਪਏ ਰਾਖਵੇਂ ਰੱਖੇ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਪ੍ਰਦਰਸ਼ਨੀ ਦਾ ਜਾਇਜ਼ਾ ਲੈਦੇ ਹੋਏ।
Advertisement
ਡਾ. ਹਿਮਾਂਸੂ ਸੂਦ

ਫ਼ਤਹਿਗੜ੍ਹ ਸਾਹਿਬ, 29 ਮਈ

Advertisement

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਕੀਤੀ, ਜੋਂ ਦੇਸ਼ ਦੇ 700 ਜ਼ਿਲ੍ਹਿਆਂ ਵਿੱਚ ਅੱਜ ਤੋਂ ਸ਼ੁਰੂ ਹੋਇਆ, ਜਿਸ ਤਹਿਤ ਖੇਤੀ ਮਾਹਰਾਂ ਦੀਆਂ 2000 ਤੋਂ ਵੱਧ ਟੀਮਾਂ ਵੱਲੋਂ ਦੇਸ਼ ਦੇ 1.5 ਕਰੋੜ ਕਿਸਾਨਾਂ ਨਾਲ ਸਿੱਧਾ ਰਾਬਤਾ ਕੀਤਾ ਜਾਵੇਗਾ।

ਖੁੱਡੀਆਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸੂਬੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਖੇਤੀ ਮਾਹਰਾਂ ਦੀਆਂ ਟੀਮਾਂ ਰੋਜ਼ਾਨਾ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਆਈਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦੇਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਦੇ 12,581 ਪਿੰਡਾਂ ਦੇ ਕਿਸਾਨਾਂ ਨੂੰ ਇਸ ਦਾ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਸਰਕਾਰ ਵੱਲੋਂ ਨਰਮੇ ਦੇ ਬੀਜ ਉਤੇ 33 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਝੋਨੇ ਦੀ ਸਿੱਧੀ ਬਿਜਾਈ ਦੀ ਯੋਜਨਾ ਅਧੀਨ 40 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜੋ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 500 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਅਧੀਨ ਸਰਕਾਰ ਵੱਲੋਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਤੱਕ 15000 ਕਿਲੋਮੀਟਰ ਤੱਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਦੀਆਂ ਨਵੀਆਂ ਅਤੇ ਉੱਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਇਸ ਮੌਕੇ ਡਾ. ਪਰਵਿੰਦਰ ਸ਼ੇਰੋਨ ਡਾਇਰੈਕਟਰ ਅਟਾਰੀ ਵਲੋਂ ਅਭਿਆਨ ਬਾਰੇ ਜਾਣਕਾਰੀ ਦਿਤੀ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਡਾ. ਰਵਿੰਦਰ ਸਿੰਘ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਪਰਵਿੰਦਰ ਸ਼ੇਰੋਨ, ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਵਿਭਾਗ, ਐਸਡੀਐਮ ਅਰਵਿੰਦ ਕੁਮਾਰ, ਡਾਇਰੈਕਟਰ ਡਾ. ਨਾਚੀਕੇਤ ਕੋਤਲੀਵਾਲੇ, ਡਾ. ਐੱਚਐੱਸ ਜਾਟ, ਡਾ. ਗੁਰਨਾਮ ਸਿੰਘ, ਡਾ. ਜੀਪੀਐੱਸ ਸੋਢੀ ਅਤੇ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਨੇ ਸੰਬੋਧਨ ਕੀਤਾ।

Advertisement