ਪੰਜਾਬ ਰਾਜ ਭਵਨ ’ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ
ਚੰਡੀਗੜ੍ਹ ਵਿੱਚ ਸਥਿਤ ਪੰਜਾਬ ਰਾਜ ਭਵਨ ਵਿੱਚ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਕਰਵਾਇਆ ਗਿਆ। ਇਸ ਮੌਕੇ ਪਦਮਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲਿਆਂ ਨੇ ਸ਼ਬਦ ਕੀਰਤਨ ਕੀਤਾ ਗਿਆ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਹ ਖ਼ੁਦ ਨੂੰ ਬਹੁਤ ਵਡਭਾਗਾ ਸਮਝਦੇ ਹਨ ਜਿਨ੍ਹਾਂ ਨੂੰ ਇਸ ਪਵਿੱਤਰ ਮੌਕੇ ਇੱਕ ਸੇਵਕ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਰਾਜ ਭਵਨ ਪਵਿੱਤਰ ਅਸਥਾਨ ਵਿੱਚ ਬਦਲ ਗਿਆ। ਪੰਜਾਬ ਦੇ ਰਾਜਪਾਲ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਿਤਾਬ ‘ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ’ ਵੀ ਜਾਰੀ ਕੀਤੀ। ਇਹ ਕਿਤਾਬ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੈ। ਪੰਜਾਬ ਦੇ ਰਾਜਪਾਲ ਨੇ ਭਾਈ ਹਰਜਿੰਦਰ ਸਿੰਘ, ਉਨ੍ਹਾਂ ਦੇ ਜਥੇ ਦੇ ਮੈਂਬਰਾਂ ਅਤੇ ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ-8 ਚੰਡੀਗੜ੍ਹ ਦੇ ਪ੍ਰਧਾਨ ਐੱਸਐੱਸ ਬਹਿਲ ਅਤੇ ਗ੍ਰੰਥੀ ਸਿੰਘਾਂ ਦਾ ਵੀ ਸਨਮਾਨ ਕੀਤਾ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਜੀਵ ਅਰੋੜਾ ਅਤੇ ਡਾ. ਰਵਜੋਤ ਸਿੰਘ, ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ, ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ, ਯੂਟੀ ਦੇ ਮੁੱਖ ਸਕੱਤਰ ਰਾਜੀਵ ਵਰਮਾ, ਰਾਜਪਾਲ ਪੰਜਾਬ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਗ੍ਰਹਿ ਸਕੱਤਰ ਚੰਡੀਗੜ੍ਹ ਮਨਦੀਪ ਸਿੰਘ ਬਰਾੜ, ਨਗਰ ਨਿਗਮ ਕਮਿਸ਼ਨਰ ਚੰਡੀਗੜ੍ਹ ਅਮਿਤ ਕੁਮਾਰ, ਪ੍ਰਧਾਨ ਯੂਟੀਸੀਏ ਸੰਜੈ ਟੰਡਨ, ਪੰਜਾਬ ਤੇ ਯੂਟੀ ਚੰਡੀਗੜ੍ਹ ਦੇ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀ ਅਤੇ ਰਾਜ ਭਵਨ ਦਾ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।