ਕੁਲਜੀਤ ਬੇਦੀ ਦੀ ਬਾਕਰਪੁਰ ਦੇ ਵਸਨੀਕਾਂ ਨਾਲ ਮੀਟਿੰਗ
ਮੁਹਾਲੀ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਪਿੰਡ ਬਾਕਰਪੁਰ ਦੇ ਵਸਨੀਕਾਂ ਨਾਲ ਮੀਟਿੰਗ ਕਰਕੇ ਪਿੰਡ ਅਤੇ ਇਲਾਕੇ ਨੂੰ ਦਰਪੇਸ਼ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਚਰਚਾ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੁੜਨ ਲਈ ਵੀ ਪ੍ਰੇਰਿਆ।
ਸਾਬਕਾ ਪੰਚ ਅਜੈਬ ਸਿੰਘ ਬਾਕਰਪੁਰ ਵੱਲੋਂ ਕੀਤੀ ਇਕੱਤਰਤਾ ਵਿਚ ਬੇਦੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ ਹਮੇਸ਼ਾ ਹੀ ਮੁਹਾਲੀ ਅਤੇ ਪੰਜਾਬ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਸਿਰਫ਼ ਲਾਰੇ ਲਾਏ ਹਨ ਅਤੇ ਹੋਰ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਕੋਈ ਵਾਅਦਾ ਨਹੀਂ ਪੁਗਾਇਆ ਅਤੇ ਰਾਜ ਦੇ ਸਮੁੱਚੇ ਵਰਗ ਇਸ ਸਮੇਂ ਸੜਕਾਂ ਤੇ ਹਨ।
ਸ੍ਰੀ ਬੇਦੀ ਨੇ ਆਖਿਆ ਕਿ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਅਜਿਹੀ ਪਾਰਟੀ ਹੈ ਜੋ ਸਾਰੇ ਵਰਗਾਂ ਦੇ ਹਿਤਾਂ ਦੀ ਰਖ਼ਵਾਲੀ ਕਰਦੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਹਰ ਸਮੇਂ ਸਾਥ ਦੇਣ ਦਾ ਭਰੋਸਾ ਦਿਵਾਇਆ।
