ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 24 ਅਕਤੂਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਹਾਜ਼ਰੀ ਵਿੱਚ ਇੱਥੋਂ ਦੇ ਫੇਜ਼-3ਬੀ1 ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ 30 ਬਿਸਤਰਿਆਂ ਵਾਲੇ ਇਸ ਤਿੰਨ ਮੰਜ਼ਲਾਂ ਸਰਕਾਰੀ ਹਸਪਤਾਲ ਦੀ ਉਸਾਰੀ ’ਤੇ 13.40 ਕਰੋੜ ਰੁਪਏ ਖ਼ਰਚੇ ਜਾਣਗੇ। ਇੱਥੇ ਆਮ ਸ਼ਹਿਰੀਆਂ ਨੂੰ ਮੁਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿੱਚ 24 ਘੰਟੇ ਐਮਰਜੈਂਸੀ ਸਹੂਲਤਾਂ ਉਪਲਬਧ ਕਰਵਾਉਣ ਦੇ ਨਾਲ-ਨਾਲ ਓਪੀਡੀ ਅਤੇ ਡਾਇਗਨੋਸਟਿਕ ਸੈਂਟਰ, ਬਲੱਡ ਸਟੋਰੇਜ ਰੂਮ, 150 ਵਿਅਕਤੀਆਂ ਲਈ ਟਰੇਨਿੰਗ ਹਾਲ, ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਸਪਤਾਲ ਦੀ ਉਸਾਰੀ ਕਰਵਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।