ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਕਤੂਬਰ
ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੈਅਸ਼ੁਦਾ ਮੀਟਿੰਗ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਤੀਜੇ ਦਿਨ 15 ਜ਼ਿਲ੍ਹਿਆਂ ਵਿੱਚ ਸੌ ਤੋਂ ਵੱਧ ਥਾਵਾਂ ’ਤੇ ਮਜ਼ਦੂਰਾਂ ਨੇ ਸਾਂਝੇ ਮਜਦੂਰ ਮੋਰਚੇ ਦੇ ਸੱਦੇ ਤਹਿਤ ਮੁੱਖ ਮੰਤਰੀ ਦੀਆਂ ਅਰਥੀਆਂ ਫੂਕ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਮੁੱਖ ਆਗੂ ਗੁਲਜ਼ਾਰ ਗੌਰੀਆ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਮਾਨ ਸਰਕਾਰ ਦੀ ਮਜ਼ਦੂਰਾਂ ਪ੍ਰਤੀ ਬੇਰੁਖੀ ਦੇ ਚਲਦਿਆਂ ਅੱਜ ਕਪੂਰਥਲਾ ਵਿੱਚ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਜੁੜੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬਦਲਾਅ ਦਾ ਸਾਂਝਾ ਸੱਦਾ ਦੇ ਕੇ ਸੱਤਾ ’ਚ ਆਈ ‘ਆਪ’ ਸਰਕਾਰ ਵੀ ਪਹਿਲਿਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿੱਚ ਉਦਘਾਟਨੀ ਸਮਾਗਮ ਮੌਕੇ ਪਹੁੰਚ ਰਹੇ ਮੁੱਖ ਮੰਤਰੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਧਰਨਿਆਂ ਮੌਕੇ ਵੱਡੀ ਗਿਣਤੀ ’ਚ ਖੇਤ ਮਜ਼ਦੂਰ ਜਥਬੰਦੀਆਂ ਦੇ ਕਾਰਕੁਨ ਅਤੇ ਲੋਕ ਹਾਜ਼ਰ ਸਨ