ਮੁੱਲਾਂਪੁਰ ਗਰੀਬਦਾਸ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੇ ਜ਼ਿਲ੍ਹੇ ਦੇ ਸੀਨੀਅਰ ਆਗੂ ਹਰਮੇਸ਼ ਸਿੰਘ ਬੜੌਦੀ ਨੇ ਕਿਹਾ ਕਿ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ ਅਤੇ ਗੋਬਿੰਦ ਸਿੰਘ ਸੰਧੂ ਨੇ ਅੱਜ ਪਿੰਡ ਛੋਟੀ ਬੜੀ ਨੱਗਲ ਵਿੱਚ ਪਾਰਟੀ ਦੇ ਵਕੀਲ ਨੂੰ ਜ਼ਮੀਨ ਸਬੰਧੀ ਮੌਕਾ ਦਿਖਾਇਆ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪਰਿਵਾਰ ਦੇ ਮੈਂਬਰਾਂ ਦੀ ਥੋੜ੍ਹੀ ਜਿਹੀ ਜ਼ਮੀਨ ਨੂੰ ਪੰਚਾਇਤੀ ਦੱਸਦਿਆਂ ਬਹੁਤ ਹੀ ਵਧਾ ਚੜ੍ਹਾ ਕੇ ਕਬਜ਼ਾ ਕਰਵਾਉਂਦਿਆਂ ਕਥਿਤ ਝੂਠ ਦਾ ਪਲੰਦਾ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦੀ ਜ਼ਮੀਨ ਅਤੇ ਉਸਾਰੀ ਵਿੱਚ ਭੰਨਤੋੜ ਕੀਤੀ ਹੈ, ਇਸ ਸਬੰਧੀ ਕਾਨੂੰਨੀ ਲੜਾਈ ਲੜਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਐੱਸਜੀਪੀਸੀ ਮੈਂਬਰ ਚਰਨਜੀਤ ਸਿੰਘ ਚੰਨਾ ਨੇ ਕਿਹਾ ਕਿ ਉਹ ਜ਼ਮੀਨਾਂ ਦੇ ਮਾਮਲੇ ਵਿੱਚ ਪਿੰਡ ਵਾਸੀਆਂ ਦੇ ਹੱਕ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। -ਪੱਤਰ ਪ੍ਰੇਰਕ